ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ’ਚ ਬਦਲਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਦਿੱਲੀ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸਹੀ ਹੈ, ਉਨ੍ਹਾਂ ਨੂੰ ਗਿ੍ਰਫਤਾਰ ਕਰਨਾ ਗਲਤ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਚਿੱਠੀ ਲਿਖ ਕੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਦੀ ਮੰਗ ਤੋਂ ਇਨਕਾਰ ਕਰ ਦਿੱਤਾ ਹੈ। ਕੈਲਾਸ਼ ਗਹਿਲੋਤ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇਵੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਦਿੱਲੀ ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਨਾਲ ਇਕਜੁਟਤਾ ਜ਼ਾਹਰ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਇਸ ਕਰਕੇ ਕਿਸਾਨਾਂ ਨੂੰ ਗਿ੍ਰਫਤਾਰ ਕਰਨਾ ਗਲਤ ਹੈ।