ਕਿਹਾ : ਜੇ ਕਿਸਾਨਾਂ ਨਾਲ ਅਨਿਆਂ ਹੋਇਆਂ ਤਾਂ ਅਸੀਂ ਵੀ ਕਿਸਾਨਾਂ ਦੇ ਨਾਲ ਡਟ ਕੇ ਖੜ੍ਹਾਂਗੇ
ਮੇਰਠ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੀਤੇ ਜਾ ਕੂਚ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਭਾਵੇਂ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਿਸਾਨਾਂ ਦੇ ਇਸ ਸੰਘਰਸ਼ ਵਿਚ ਸ਼ਾਮਲ ਨਹੀਂ ਕੀਤਾ ਗਿਆ ਪ੍ਰੰਤੂ ਫਿਰ ਵੀ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲ ਦੇ ਆਧਾਰ ’ਤੇ ਕਿਸਾਨਾਂ ਦੀ ਗੱਲ ਸੁਣੇ ਅਤੇ ਜੇਕਰ ਕੇਂਦਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਸਾਡੇ ਤੋਂ ਦਿੱਲੀ ਦੂਰ ਨਹੀਂ ਅਤੇ ਸਾਡੇ ਕਿਸਾਨ ਸਾਥੀ ਦੂਰ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਕਿਸਾਨਾਂ ਦੇ ਇਕ ਗਰੁੱਪ ਵੱਲੋਂ ਕੀਤਾ ਜਾ ਰਿਹਾ ਹੈ। ਪ੍ਰੰਤੂ ਜੇਕਰ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਵੀ ਕੋਈ ਅਨਿਆਂ ਹੁੰਦਾ ਤਾਂ ਸਮੁੱਚੇ ਦੇਸ਼ ਦੇ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਨਾਲ ਹਨ। ਕਿਸਾਨ ਆਪਣੀ ਗੱਲ ਦਿੱਲੀ ਸਰਕਾਰ ਸਾਹਮਣੇ ਰੱਖਣ ਲਈ ਆ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਜ਼ਰੂਰ ਸੁਣਨੀ ਚਾਹੀਦੀ ਹੈ।