![](https://parvasinewspaper.com/wp-content/uploads/2024/02/Punjab-Congress-1-300x300.jpg)
ਸਕਰੀਨਿੰਗ ਕਮੇਟੀ ਨੇ ਲੋਕ ਸਭਾ ਚੋਣਾਂ ਲਈ 65 ਉਮੀਦਵਾਰਾਂ ਦੇ ਨਾਵਾਂ ’ਤੇ ਕੀਤੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾਂ ਜਿੱਤਣ ਲਈ ਤਿਆਰੀ ਕਰ ਲਈ ਹੈ। ਇਕ ਪਾਸੇ ਜਿੱਥੇ ਲੋਕਾਂ ਦੀ ਰਾਏ ਜਾਨਣ ਲਈ ਪਾਰਟੀ ਵਲੋਂ ਸਰਵੇ ਕਰਵਾਇਆ ਜਾ ਰਿਹਾ ਹੈ, ਉਥੇ ਹੁਣ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਕੋਲੋਂ ਅਰਜ਼ੀਆਂ ਵੀ ਮੰਗ ਲਈਆਂ ਗਈਆਂ ਹਨ। ਅਰਜ਼ੀਆਂ ਭੇਜਣ ਲਈ ਆਖਰੀ ਮਿਤੀ 20 ਫਰਵਰੀ ਰੱਖੀ ਗਈ ਹੈ। ਇਸ ਦੌਰਾਨ ਆਉਣ ਵਾਲੀਆਂ ਅਰਜ਼ੀਆਂ ਦੀ ਸਕਰੀਨਿੰਗ ਤੋਂ ਬਾਅਦ ਪਾਰਟੀ ਹਾਈਕਮਾਨ ਨੂੰ ਨਾਮ ਭੇਜੇ ਜਾਣਗੇ। ਦੱਸਿਆ ਗਿਆ ਹੈ ਕਿ ਕਾਂਗਰਸ ਹਾਈਕਮਾਨ ਵਲੋਂ ਹੀ ਉਮੀਦਵਾਰਾਂ ਸਬੰਧੀ ਆਖਰੀ ਫੈਸਲਾ ਲਿਆ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੁਝ ਸੀਟਾਂ ਲਈ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਧਿਆਨ ਰਹੇ ਕਿ ਪੰਜਾਬ ਵਿਚ 13 ਲੋਕ ਸਭਾ ਸੀਟਾਂ ਹਨ ਅਤੇ ਇਸ ਸਮੇਂ ਪੰਜਾਬ ਵਿਚ ਕਾਂਗਰਸ ਪਾਰਟੀ ਦੇ 6 ਸੰਸਦ ਮੈਂਬਰ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਾਰਟੀ ਦੇ ਆਗੂਆਂ ਤੋਂ ਦੂਰੀ ਬਣਾ ਕੇ ਹੀ ਚੱਲ ਰਹੇ ਹਨ ਅਤੇ ਇਸ ਬਾਰੇ ਅਜੇ ਤੱਕ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿ ਨਵਜੋਤ ਸਿੱਧੂ ਦੀ ਅਗਲੀ ਸਿਆਸੀ ਰਣਨੀਤੀ ਕੀ ਹੋਵੇਗੀ।