
ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਲਈ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਲਈ ਧੀ ਨੂੰ ਕੀਤਾ ਨਾਮਜ਼ਦ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ’ਚ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਚਿਹਰੇ ਦੀ ਤਲਾਸ਼ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਨਵਾਜ਼ ਸ਼ਰੀਫ਼ ਨੇ ਆਪਣੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਵਾਜ਼ ਦੀ ਪਾਰਟੀ ਪੀ.ਐਮ.ਐਲ.-ਐਨ ਦੀ ਸਪੋਕਸਪਰਸਨ ਮਰਿਅਮ ਔਰੰਗਜੇਬ ਨੇ ਕਿਹਾ ਹੈ ਕਿ ਨਵਾਜ਼ ਸ਼ਰੀਫ ਨੇ ਆਪਣੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਅਤੇ ਧੀ ਮਰੀਅਮ ਨਵਾਜ਼ ਨੂੰ ਪਾਕਿਸਤਾਨ ਵਿਚਲੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੇ ਲਈ ਉਮੀਦਵਾਰ ਬਣਾਇਆ ਹੈ। ਇਹ ਐਲਾਨ ਅਜਿਹੇ ਸਮੇਂ ਹੋਇਆ ਹੈ ਜਦੋਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਜਰਦਾਰੀ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਪਿੱਛੇ ਹਟ ਗਏ ਹਨ। ਹਾਲਾਂਕਿ ਭੁੱਟੋ ਨੇ ਕਿਹਾ ਹੈ ਕਿ ਉਹ ਪੀ.ਐਮ.ਐਲ.-ਐਨ ਨੂੰ ਬਾਹਰੋਂ ਸਮਰਥਨ ਦੇਣਗੇ, ਪਰ ਸਰਕਾਰ ਵਿਚ ਸ਼ਾਮਲ ਨਹੀਂ ਹੋਣਗੇ। ਇਸ ਤੋਂ ਬਾਅਦ ਨਵਾਜ਼ ਸ਼ਰੀਫ ਨੇ ਪੀ.ਐਮ.ਐਲ.-ਐਨ ਨੂੰ ਸਮਰਥਨ ਦੇਣ ਵਾਲੀਆਂ ਪਾਰਟੀਆਂ ਦਾ ਧੰਨਵਾਦ ਵੀ ਕੀਤਾ ਹੈ।