ਕਿਹਾ : ਸ਼ੰਭੂ ਬਾਰਡਰ ’ਤੇ ਐਂਬੂਲੈਂਸ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਏ ਮਾਨ ਸਰਕਾਰ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਲਗਾਤਾਰ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਅਤੇ ਅੱਥਰੂ ਗੈਸ ਛੱਡੀ ਜਾ ਰਹੀ ਹੈ। ਅਜਿਹੇ ’ਚ ਵੱਡੀ ਗਿਣਤੀ ਵਿਚ ਕਿਸਾਨ ਜ਼ਖਮੀ ਹੋ ਰਹੇ ਹਨ। ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਸ਼ੰਭੂ ਬਾਰਡਰ ’ਤੇ ਐਂਬੂਲੈਂਸ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਸ਼ੰਭੂ ਬਾਰਡਰ ਨਾਲ ਲਗਦੇ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕਿਸਾਨਾਂ ਦਾ ਇਲਾਜ ਪਹਿਲ ਦੇ ਆਧਾਰ ’ਤੇ ਕਰਨ ਦੀ ਬੇਨਤੀ ਵੀ ਕੀਤੀ। ਬਿੱਟੂ ਨੇ ਅੱਗੇ ਕਿਹਾ ਕਿ ਹਰਿਆਣਾ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਕਿਸਾਨਾਂ ਦੀ ਹਮਾਇਤ ਲਈ ਸ਼ੰਭੂ ਬਾਰਡਰ ’ਤੇ ਪਹੁੰਚਣ ਦੀ ਅਪੀਲ ਵੀ ਕੀਤੀ। ਉਧਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਿ ਪੰਜਾਬ ਦੀ ਸਰਹੱਦ ਅੰਦਰ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਡਟੇ ਕਿਸਾਨਾਂ ਦੀ ਸੁਰੱਖਿਆ ਯਕੀਨੀ ਬਣਾਇਆ ਜਾਵੇ।