![](https://parvasinewspaper.com/wp-content/uploads/2024/02/Dr-Balbir-singh-1-300x260.jpg)
ਸਿਹਤ ਮੰਤਰੀ ਬਲਬੀਰ ਸਿੰਘ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਕਿਸਾਨਾਂ ਨਾਲ ਕੀਤੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦੇ ‘ਦਿੱਲੀ ਕੂਚ’ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵਲੋਂ ਛੱਡੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਹੀ ਹੈ। ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਮੁਹਾਲੀ ਦੇ ਹਸਪਤਾਲ ਵਿਚ ਦਾਖਲ ਕੀਤੇ ਗਏ ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਮਗਰੋਂ ਕਈ ਕਿਸਾਨ, ਮੀਡੀਆ ਕਰਮੀ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।