ਕਿਸਾਨਾਂ ਦੇ ਸਮਰਥਨ ’ਚ ਆਈ ਐਸੋਸੀਏਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿਚ ਆ ਗਏ ਹਨ। ਆਪਣੀਆਂ ਮੰਗਾਂ ਦੇ ਦੌਰਾਨ ਹੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਦਾ ਫੈਸਲਾ ਲਿਆ ਹੈ। ਇਸਦੇ ਚੱਲਦਿਆਂ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੇ ਭਲਕੇ 16 ਫਰਵਰੀ ਦਿਨ ਸ਼ੁੱਕਰਵਾਰ ਨੂੰ 4 ਘੰਟੇ, ਯਾਨੀ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਲਿਆ ਹੈ। ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਇਕ ਆਗੂ ਨੇ ਕਿਹਾ ਕਿ ਕਿਸਾਨ, ਜੋ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ, ਉਨ੍ਹਾਂ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ-ਪੰਜਾਬ ਦੇ ਬਾਰਡਰ ਨੂੰ ਪਾਕਿਸਤਾਨ ਦਾ ਬਾਰਡਰ ਹੀ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ, ਜਿਸਦੀ ਨਿੰਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਨੂੰ ਦੇਖਦਿਆਂ ਹੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਕਿਸਾਨਾਂ ਦੇ ਹੱਕ ਵਿਚ ਆਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਭਲਕੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਵੀ ਦਿੱਤਾ ਹੋਇਆ ਹੈ।