ਹਾਈ ਕੋਰਟ ਨੇ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵੇਰਵੇ ਮੰਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਪ੍ਰਦਰਸ਼ਨ ਕਰਨ ਦੀ ਅਜ਼ਾਦੀ ਨੂੰ ਲੈ ਕੇ ਦਾਇਰ ਕੀਤੀਆਂ ਗਈਆਂ ਦੋ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਅਗਲੀ ਸੁਣਵਾਈ ਨੂੰ ਆਉਂਦੇ ਮੰਗਲਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਚੰਡੀਗੜ੍ਹ ’ਚ ਕਿਸਾਨ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਸਬੰਧੀ ਵੇਰਵੇ ਵੀ ਮੰਗੇ ਹਨ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਇਸ ਮਾਮਲੇ ’ਚ ਹਾਈ ਕੋਰਟ ਨੇ ਅਪਡੇਟ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਸਨ। ਕੋਰਟ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਐਕਟਿੰਗ ਜਸਟਿਸ ਜੀ ਐਸ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਹਾਈ ਕੋਰਟ ਇਸ ਮਾਮਲੇ ’ਚ ਸਰਕਾਰਾਂ ਨੂੰ ਕਹਿ ਚੁੱਕਿਆ ਹੈ ਕਿ ਮੌਲਿਕ ਅਧਿਕਾਰਾਂ ’ਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦੇ ਕੁੱਝ ਆਪਣੇ ਅਧਿਕਾਰ ਵੀ ਹੁੰਦੇ ਹਨ ਅਤੇ ਸਰਕਾਰਾਂ ਨੂੰ ਇਸ ਮਾਮਲੇ ਨਾਲ ਵਧੀਆ ਤਰੀਕੇ ਨਾਲ ਨਿਪਟਾਉਣਾ ਚਾਹੀਦਾ ਹੈ। ਇਸ ਤੋਂ ਅੱਗੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਵੀ ਕਿਹਾ ਕਿ ਪੁਲਿਸ ਬਲ ਦਾ ਇਸਤੇਮਾਲ ਤਾਂ ਆਖਰੀ ਬਦਲ ਹੋਣਾ ਚਾਹੀਦਾ ਹੈ ਤਾਂ ਜੋ ਪ੍ਰਦਰਸ਼ਨ ਦੌਰਾਨ ਅਮਨ ਕਾਨੂੰਨ ਸਥਿਤੀ ਠੀਕ ਬਣੀ ਰਹੇ।