ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ‘ਤੇ ਕੇਂਦਰ ਸਰਕਾਰ ਦੀ ਸ਼ਹਿ ‘ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ‘ਚ ਪੰਜਾਬ ਕਾਂਗਰਸ ਦੇ ਇਕ ਵਫਦ ਵੱਲੋਂ ਰਾਜਾ ਵੜਿੰਗ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਪੰਜਾਬ ਕਾਂਗਰਸ ਦੀ ਮੰਗ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ ਕੇਸ ਦਰਜ ਦੇ ਹੁਕਮ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਅੰਬਾਲਾ ਦੇ ਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।