Breaking News
Home / ਹਫ਼ਤਾਵਾਰੀ ਫੇਰੀ / ਕਿਸਾਨ ਅੰਦੋਲਨ ਨੇ ਕੇਂਦਰ ਤੇ ਪੰਜਾਬ ਨੂੰ ਲਿਆਂਦਾ ਆਹਮੋ-ਸਾਹਮਣੇ

ਕਿਸਾਨ ਅੰਦੋਲਨ ਨੇ ਕੇਂਦਰ ਤੇ ਪੰਜਾਬ ਨੂੰ ਲਿਆਂਦਾ ਆਹਮੋ-ਸਾਹਮਣੇ

ਪੰਜਾਬ ਦੇ ਕਈ ਖੇਤਰਾਂ ‘ਚ ਇੰਟਰਨੈੱਟ ਬੰਦ ਕਰਨ ‘ਤੇ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਲਿਖੀ ਰੋਸ ਭਰੀ ਚਿੱਠੀ
ਚੰਡੀਗੜ੍ਹ : ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ 16 ਫਰਵਰੀ ਰਾਤ 11 ਵੱਜ ਕੇ 59 ਮਿੰਟ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਨਿਰਦੇਸ਼ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਤਾ ਗਿਆ ਹੈ।
ਮੰਤਰਾਲੇ ਦੇ ਹੁਕਮਾਂ ਅਨੁਸਾਰ ਪਟਿਆਲਾ ਦੇ ਥਾਣਾ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇੜਾ ਅਧੀਨ ਆਉਂਦੇ ਖੇਤਰਾਂ ‘ਚ ਇੰਟਰਨੈਟ ਸੇਵਾ ਬੰਦ ਕੀਤੀ ਗਈ ਹੈ। ਇਸੇ ਤਰ੍ਹਾਂ ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਅਧੀਨ ਆਉਂਦੇ ਖੇਤਰਾਂ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅਧੀਨ ਆਉਂਦੇ ਕੁਝ ਖੇਤਰਾਂ ਵਿੱਚ ਵੀ ਇੰਟਰਨੈੱਟ ‘ਤੇ ਪਾਬੰਦੀ ਰਹੇਗੀ। ਇਸ ਮੁੱਦੇ ‘ਤੇ ਇਕ ਵਾਰ ਫਿਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਆਹਮਣੇ ਸਾਹਮਣੇ ਆ ਗਈਆਂ ਹਨ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਨਾਲ ਹੀ ਇੰਟਰਨੈਟ ਸੇਵਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾ ਬੰਦ ਕਰਨਾ ਬਿਲਕੁਲ ਗਲਤ ਫੈਸਲਾ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ 2024 ਤੋਂ ‘ਦਿੱਲੀ ਕੂਚ’ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਇਸਦੇ ਚੱਲਦਿਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਕਿਸਾਨ ਪਟਿਆਲਾ ਜ਼ਿਲ੍ਹੇ ‘ਚ ਪੈਂਦੇ ਸ਼ੰਭੂ ਬਾਰਡਰ ਅਤੇ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਖਨੌਰੀ ਬਾਰਡਰ ‘ਤੇ ਪਹੁੰਚੇ ਤੇ ਹਰਿਆਣਾ ਦੀ ਪੁਲਿਸ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਅੱਗੇ ਨਹੀਂ ਵਧਣ ਦਿੱਤਾ। ਇਸ ਤੋਂ ਬਾਅਦ ਹਰਿਆਣਾ ਦੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਤਕਰਾਰ ਵੀ ਹੋਈ। ਜਦੋਂ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਹਰਿਆਣਾ ਦੀ ਪੁਲਿਸ ਵਲੋਂ ਡਰੋਨ ਰਾਹੀਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ। ਜਿਸ ਕਾਰਨ ਕਈ ਕਿਸਾਨ ਜ਼ਖਮੀ ਵੀ ਹੋ ਗਏ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਪੰਜਾਬ ਵਿਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ। ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਸੀ ਕਿ ਅਸੀਂ ਕੋਈ ਨਵੀਆਂ ਮੰਗਾਂ ਲੈ ਕੇ ਦਿੱਲੀ ਨਹੀਂ ਜਾ ਰਹੇ ਹਾਂ, ਅਸੀਂ ਤਾਂ ਜਿਹੜੀਆਂ ਮੰਗਾਂ ਕੇਂਦਰ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨ ਲਈਆਂ ਸਨ, ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਜਾ ਰਹੇ ਹਾਂ। ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚੇ ਹੋਏ ਹਨ।
ਇਸਦੇ ਚੱਲਦਿਆਂ ਵੀਰਵਾਰ ਨੂੰ ਵੀ ਕਿਸਾਨਾਂ ਨੇ ਪੰਜਾਬ ਵਿਚ 4 ਘੰਟੇ ਰੇਲਾਂ ਰੋਕੀਆਂ ਅਤੇ ਟੋਲ ਪਲਾਜਿਆਂ ਤੋਂ ਵੀ ਵਾਹਨਾਂ ਨੂੰ ਮੁਫਤ ਲੰਘਾਇਆ ਗਿਆ। ਐਸਜੀਪੀਸੀ ਅਤੇ ਪੰਜਾਬ ਦੀਆਂ ਹੋਰ ਵੀ ਮੁਲਾਜ਼ਮ ਯੂਨੀਅਨਾਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ ਕਿਸਾਨਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਵੀ ਕਰ ਦਿੱਤਾ ਹੈ।
ਪੰਜਾਬ ‘ਚ ਰੇਲ ਗੱਡੀਆਂ ਦਾ ਚਾਰ ਘੰਟੇ ਰਿਹਾ ਚੱਕਾ ਜਾਮ
ਚੰਡੀਗੜ੍ਹ : ਪੰਜਾਬ ਵਿਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰ ਲਿਆ ਹੈ। ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਤੋਂ ਬਾਅਦ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਵੀ ਭੜਕ ਉਠੀਆਂ ਹਨ। ਜਿਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀਰਵਾਰ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮੁੱਚੇ ਪੰਜਾਬ ਦੇ ਟੋਲ ਪਲਾਜ਼ੇ ਫਰੀ ਕਰ ਦਿੱਤੇ। ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ‘ਚ ਟਰੇਨਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਨਵੀਂਆਂ ਮੰਗਾਂ ਮਨਵਾਉਣ ਲਈ ਨਹੀਂ, ਵਾਅਦੇ ਪੂਰੇ ਕਰਵਾਉਣ ਲਈ ਜਾ ਰਹੇ ਹਾਂ ਦਿੱਲੀ : ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੀਆਂ ਸਰਹੱਦਾਂ ‘ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ‘ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਅਸੀਂ ਕੋਈ ਨਵੀਆਂ ਮੰਗਾਂ ਮਨਵਾਉਣ ਲਈ ਦਿੱਲੀ ਨਹੀਂ ਜਾ ਰਹੇ ਬਲਕਿ ਪਿਛਲੇ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਪੂਰੀਆਂ ਕਰਨ ਲਈ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਜਾ ਰਹੇ ਹਾਂ। ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਵਿਸ਼ਵਾਸ ਜਿੱਤਣ ਲਈ ਪਹਿਲਾਂ ਕੀਤੇ ਵਾਅਦਿਆਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ।
ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਕਰਵਾਏਗੀ ਪੰਜਾਬ ਸਰਕਾਰ
ਚੰਡੀਗੜ੍ਹ : ਕਿਸਾਨਾਂ ਦੇ ‘ਦਿੱਲੀ ਕੂਚ’ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵਲੋਂ ਛੱਡੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਹੀ ਹੈ। ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਮੁਹਾਲੀ ਦੇ ਹਸਪਤਾਲ ਵਿਚ ਦਾਖਲ ਕੀਤੇ ਗਏ ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਮਗਰੋਂ ਕਈ ਕਿਸਾਨ, ਮੀਡੀਆ ਕਰਮੀ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

 

Check Also

ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ

ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …