ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ‘ਚ ਲਿਆਉਣ ਦਾ ਸਿਹਰਾ ਕੇਜਰੀਵਾਲ ਸਿਰ: ਭਗਵੰਤ ਮਾਨ
ਤਰਨ ਤਾਰਨ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ‘ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਹੈ। ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਲਾਕੇ ਦੇ ਪਿੰਡ ਸ਼ੇਰੋਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਵੀ ਖ਼ਰੀਦ ਲਏਗੀ।
ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਜਿਹੜੇ ਲੋਕ ਹੁਣ ਪੰਜਾਬ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਦਿੱਤੇ ‘ਦਿੱਲੀ ਚਲੋ’ ਦੇ ਸੱਦੇ ਦੇ ਹਵਾਲੇ ਨਾਲ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕੇਂਦਰ ਨੂੰ ‘ਆਪ’ ਦੇ ਲੋਕ ਪੱਖੀ ਫੈਸਲੇ ਹਜ਼ਮ ਨਹੀਂ ਹੋ ਰਹੇ: ਭਗਵੰਤ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ।
‘ਆਪ’ ਦੀ ਮਕਬੂਲੀਅਤ ਤੋਂ ਡਰਦੀ ਹੈ ਮੋਦੀ ਸਰਕਾਰ: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਿਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।