18 ਫਰਵਰੀ ਦਿਨ ਐਤਵਾਰ ਨੂੰ ਮੁੜ ਚੰਡੀਗੜ੍ਹ ਵਿਚ ਹੋਵੇਗੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਚਲਦਿਆਂ ਲੰਘੀ ਦੇਰ ਰਾਤ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਹੋਈ ਪ੍ਰੰਤੂ ਇਹ ਮੀਟਿੰਗ ਵੀ ਬੇਸਿੱਟਾ ਹੀ ਰਹੀ। ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਕਿਸਾਨੀ ਮਸਲੇ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਈ। ਇਹ ਮੀਟਿੰਗ ਰਾਤੀਂ ਲਗਭਗ ਡੇਢ ਵਜੇ ਤੱਕ ਚੱਲੀ। ਇਸ ਮੀਟਿੰਗ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੇਂਦਰੀ ਮੰਤਰੀ ਪਿਊਸ਼ ਗੋਇਲ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਅਤੇ ਗ੍ਰਹਿ ਮੰਤਰੀ ਨਿਤਿਆਨੰਦ ਮੌਜੂਦ ਸਨ। ਮੀਟਿੰਗ ਦੌਰਾਨ ਕਿਸਾਨ ਆਗੂ ਆਪਣੀਆਂ ਮੰਗਾਂ ’ਤੇ ਅੜੇ ਰਹੇ। ਕਿਸਾਨ ਆਗੂਆਂ ਨੇ ਕੇਂਦਰ ਮੰਤਰੀਆਂ ਨੂੰ ਪੁੱਛਿਆ ਕਿ ਫਸਲੀ ਭਾਅ ’ਤੇ ਗਰੰਟੀ ਕਾਨੂੰਨ ਕਦੋਂ ਅਤੇ ਕਿਸ ਸਮੇਂ ਤੱਕ ਬਣਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਫਸਲੀ ਭਾਅ ’ਤੇ ਗਰੰਟੀ ਕਾਨੂੰਨ ਬਣਨ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਹੁਣ ਆਉਂਦੀ 18 ਫਰਵਰੀ ਦਿਨ ਐਤਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੰਡੀਗੜ੍ਹ ਵਿਚ ਹੀ ਮੁੜ ਤੋਂ ਮੀਟਿੰਗ ਹੋਵੇਗੀ ਤਾਂ ਜੋ ਕਿਸਾਨੀ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ। ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਕਿਸਾਨ ਦਾ ਪੰਜਾਬ ਦੇ ਸੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਿਹਾ ਪ੍ਰਦਰਸ਼ਨ ਜਾਰੀ ਰਹੇਗਾ।