ਕੈਬਨਿਟ ਮੰਤਰੀ ਬਲਕਾਰ ਸਿੰਘ ਬੋਲੇ : ਕੇਂਦਰ ਸਰਕਾਰ ਦਾ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ’ਚ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਰਾਹਤ ਮਿਲ ਸਕੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਸੀ, ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਮਾਮਲੇ ਇੰਨਾ ਜ਼ਿਆਦਾ ਵਧ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਭਾਰੀ ਕਰਜ਼ੇ ਦੇ ਬੋਝ ਦੇ ਥੱਲੇ ਦਬੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਆਤਮ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨ ਆਗੂਆਂ ਨਾਲ ਜਲਦੀ ਤੋਂ ਜਲਦੀ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨੀ ਮਸਲਿਆਂ ਦਾ ਹੱਲ ਹੋ ਸਕੇ।