ਕਿਹਾ : ਢਿੱਲ-ਮੱਠ ਦੀ ਨੀਤੀ ਤੋਂ ਬਚੋ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੋ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਚੰਡੀਗੜ੍ਹ ’ਚ ਭਾਰਤ ਸਰਕਾਰ ਨੂੰ ਕਿਹਾ ਕਿ ‘ਢਿੱਲ-ਮੱਠ ਦੀ ਨੀਤੀ ਤੋਂ ਬਚੋ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੋ’। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਐਲਾਨ ਅਗਲੇ ਮਹੀਨੇ ਹੋ ਸਕਦਾ ਹੈ। ਤਿੰਨ ਕੇਂਦਰੀ ਮੰਤਰੀਆਂ ਦੀ ਕਿਸਾਨ ਆਗੂਆਂ ਨਾਲ ਅੱਜ ਐਤਵਾਰ ਸ਼ਾਮ ਨੂੰ ਚੰਡੀਗੜ੍ਹ ’ਚ ਫਿਰ ਮੀਟਿੰਗ ਹੋਣੀ ਹੈ। ਦੋਵੇਂ ਧਿਰਾਂ ਮੰਤਰੀ ਅਤੇ ਕਿਸਾਨ ਆਗੂ ਇਸ ਤੋਂ ਪਹਿਲਾਂ 8, 12 ਅਤੇ 15 ਫਰਵਰੀ ਨੂੰ ਮਿਲੇ ਸਨ, ਪਰ ਗੱਲਬਾਤ ਬੇਸਿੱਟਾ ਰਹੀ ਸੀ। ਇਸ ਤੋਂ ਪਹਿਲਾਂ ਡੱਲੇਵਾਲ ਨੇ ਸ਼ੰਭੂ ਸਰਹੱਦੀ ਪੁਆਇੰਟ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਢਿੱਲ-ਮੱਠ ਦੀ ਨੀਤੀ ਤੋਂ ਬਚੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੋਚਦੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੱਕ ਮੀਟਿੰਗਾਂ ਕਰਦੀ ਰਹੇਗੀ ਅਤੇ ਫਿਰ ਕਹੇਗੀ ਕਿ ਉਹ ਕੁਝ ਨਹੀਂ ਕਰ ਸਕਦੀ ਕਿਉਂਕਿ ਜ਼ਾਬਤਾ ਲਾਗੂ ਹੈ। ਡੱਲੇਵਾਲ ਨੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਰਕਾਰ ਨੂੰ ਸਾਡੀਆਂ ਮੰਗਾਂ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਦਾ ਹਿੱਸਾ ਹੋਣਗੇ। ਐਤਵਾਰ ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋਏ ‘ਦਿੱਲੀ ਚਲੋ’ ਅੰਦੋਲਨ ਦੇ ਕਿਸਾਨ ਵੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਅਤੇ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਕਰ ਰਹੇ ਹਨ।