
ਦੋ ਦਿਨ ਵਿਚਾਰ ਕਰਾਂਗੇ, ਸਹਿਮਤੀ ਨਾ ਬਣੀ ਤਾਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ : ਕਿਸਾਨ ਆਗੂ ਸਰਵਣ ਸਿੰਘ ਪੰਧੇਰ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੇ ਚੱਲਦਿਆਂ ਭਾਰਤ ਦੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ 5 ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਜਿਨ੍ਹਾਂ 5 ਫਸਲਾਂ ’ਤੇ ਐਮਐਸਪੀ ਦੀ ਪੇਸ਼ਕਸ਼ ਕੀਤੀ ਗਈ ਹੈ ਉਨ੍ਹਾਂ ਵਿਚ ਮੱਕੀ ਤੇ ਕਪਾਹ ਤੋਂ ਇਲਾਵਾ ਦਾਲਾਂ ਸ਼ਾਮਲ ਹਨ। ਇਨ੍ਹਾਂ ਫਸਲਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਪੰਜ ਸਾਲ ਤੱਕ ਖਰੀਦਿਆ ਜਾਵੇਗਾ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਇਹ ਪੰਜ ਸਾਲ ਦਾ ਕੰਟਰੈਕਟ ਨੈਫੇਡ ਅਤੇ ਐਨ.ਸੀ.ਸੀ.ਐਫ. ਨਾਲ ਹੋਵੇਗਾ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਐਤਵਾਰ ਦੇਰ ਸ਼ਾਮ ਨੂੰ ਚੰਡੀਗੜ੍ਹ ਵਿਚ ਹੋਈ ਸੀ ਅਤੇ ਇਹ ਮੀਟਿੰਗ ਪੰਜ ਘੰਟੇ ਤੋਂ ਜ਼ਿਆਦਾ ਸਮਾਂ ਚੱਲੀ ਹੈ। ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿੱਤਿਆਨੰਦ ਰਾਏ ਅਤੇ ਪਿਊਸ਼ ਗੋਇਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ। ਇਸਦੇ ਚੱਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਦੋ ਦਿਨ ਵਿਚਾਰ ਵਟਾਂਦਰਾ ਕਰਾਂਗੇ ਅਤੇ ਜੇਕਰ ਸਹਿਮਤੀ ਨਾ ਬਣੀ ਤਾਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ, ਜਿਸ ਦੌਰਾਨ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਹਰਿਆਣਾ ਦੀ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਨਹੀਂ ਲੱਗਣ ਦਿੱਤਾ। ਹੁਣ ਕਿਸਾਨ ਇਨ੍ਹਾਂ ਦੋਵੇਂ ਬਾਰਡਰਾਂ ’ਤੇ ਧਰਨਾ ਲਗਾ ਕੇ ਬੈਠੇ ਹੋਏ ਹਨ।