
ਚੀਫ ਜਸਟਿਸ ਨੇ ਹਾਈਕੋਰਟ ’ਚ ਜਮ੍ਹਾਂ ਬੈਲੇਟ ਪੇਪਰ ਮੰਗਵਾਏ-ਭਲਕੇ ਫਿਰ ਹੋਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਹਾਰਸ ਟਰੇਡਿੰਗ ਦੇਖ ਕੇ ਉਹ ਕਾਫੀ ਚਿੰਤਤ ਹਨ। ਸੁਪਰੀਮ ਕੋਰਟ ਨੇ ਹਾਈਕੋਰਟ ਵਿਚ ਜਮ੍ਹਾਂ ਚੋਣਾਂ ਵਾਲੇ ਬੈਲੇਟ ਪੇਪਰ ਵੀ ਮੰਗਵਾ ਲਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਬੈਲੇਟ ਪੇਪਰ ਦੇਖਣ ਤੋਂ ਬਾਅਦ ਅੱਗੇ ਦਾ ਫੈਸਲਾ ਹੋਵੇਗਾ। ਇਸ ਤੋਂ ਇਲਾਵਾ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਭਲਕੇ ਮੰਗਲਵਾਰ ਨੂੰ ਵੀ ਸੁਪਰੀਮ ਕੋਰਟ ਵਿਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਯਾਨੀ ਇਸ ਮਾਮਲੇ ’ਤੇ ਭਲਕੇ ਮੰਗਲਵਾਰ ਨੂੰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਹੀ ਚੰਡੀਗੜ੍ਹ ਦੇ ਨਵੇਂ ਬਣੇ ਭਾਜਪਾ ਦੇ ਮੇਅਰ ਮਨੋਜ ਸੋਨਕਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਵੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।