![](https://parvasinewspaper.com/wp-content/uploads/2024/02/Amrinder-Singh-Parneet-Kaur-300x225.jpg)
ਪਟਿਆਲਾ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਹਲਕੇ ਤੋਂ ਹੁਣ ਪਰਨੀਤ ਕੌਰ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਇਹ ਖੁਲਾਸਾ ਪਰਨੀਤ ਕੌਰ ਦੇ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਧੀ ਜੈਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ ਪਰ ਉਹ ਅਗਲੀ ਵਾਰ ਵਿਧਾਨ ਸਭਾ ਚੋਣ ਜ਼ਰੂਰ ਲੜਨਗੇ। ਧਿਆਨ ਰਹੇ ਕਿ ਪਰਨੀਤ ਕੌਰ ਇਸ ਸਮੇਂ ਪਟਿਆਲਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਹਨ ਤੇ ਕਾਂਗਰਸ ਪਾਰਟੀ ਨੇ ਪਰਨੀਤ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਵੀ ਕੀਤਾ ਹੋਇਆ ਹੈ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੀ ਦੋ ਵਾਰ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਹੁਣ ਉਹ ਵੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਧੀ ਜੈਇੰਦਰ ਕੌਰ ਨੇ ਲੰਘੇ ਕੱਲ੍ਹ ਸੋਮਵਾਰ ਸ਼ਾਮ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਨਾਲ ਸਬੰਧਤ ਮਸਲਿਆਂ ਦਾ ਜਲਦੀ ਹੀ ਤਸੱਲੀਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਲਈ ਵੀ ਹਾਮੀ ਭਰੀ ਹੈ।