ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਨੇ ਨਹੀਂ ਨਿਭਾਈ ਸਹੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਪੰਜਾਬ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਨੇ ਮੁੱਖ ਮੰਤਰੀ ਮਾਨ ’ਤੇ ਵਿਚੋਲੀਆ ਹੋਣ ਦੇ ਬਾਵਜੂਦ ਵੀ ਸਹੀ ਕਦਮ ਨਾ ਚੁੱਕਣ ਦੇ ਆਰੋਪ ਲਗਾਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਲਿਖਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਸਫ਼ਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਆਪਣੀ ਸਹੀ ਜ਼ਿੰਮੇਵਾਰੀ ਨਹੀਂ ਨਿਭਾਈ। ਜਿਸ ਦੇ ਚਲਦਿਆਂ ਚੌਥੇ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ। ਉਧਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਕੰਟਰੈਕਟ ਖੇਤੀ ਅਤੇ ਸਹਿਕਾਰੀ ਕਮੇਟੀਆਂ ਦੇ ਰਾਹੀਂ 5 ਫਸਲਾਂ ਦੀ ਐਮਐਸਪੀ ਖਰੀਦ ਦੇ ਧੋਖੇਬਾਜ਼ੀ ਵਾਲੇ ਮਤਾ ਦਾ ਸਮਰਥਨ ਕੀਤਾ ਹੈ। ਜਦਕਿ ਦੋ ਸਾਲ ਪਹਿਲਾਂ ਕਿਸਾਨਾਂ ਨੇ ਕਾਲੇ ਕਾਨੂੰਨਾਂ ਨੂੰ ਕੰਟਰੈਕਟ ਖੇਤੀ ਦੇ ਰੂਪ ’ਚ ਖਾਰਜ ਕਰ ਦਿੱਤਾ ਗਿਆ ਸੀ।