ਸੁਪਰੀਮ ਕੋਰਟ ਨੇ ਰੱਦ ਕੀਤੀਆਂ 8 ਵੋਟਾਂ ਦੀ ਗਿਣਤੀ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ’ਚ ਅੱਜ ਮਾਨਯੋਗ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਅਤੇ ਸੁਣਵਾਈ ਦੌਰਾਨ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖਤ ਫਟਕਾਰ ਲਗਾਈ। ਚੀਫ ਜਸਟਿਸ ਡੀ ਵਾਈ ਚੰਦਰਚੂਹੜ ਦੀ ਅਗਵਾਈ ਵਾਲੀ ਬੈਂਚ ਨੇ ਮੇਅਰ ਦੀ ਚੋਣ ਸਮੇਂ ਰੱਦ ਕੀਤੀਆਂ ਗਈਆਂ 8 ਵੋਟਾਂ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਨ੍ਹਾਂ 8 ਵੋਟਾਂ ਦੀ ਗਿਣਤੀ ਦੁਬਾਰਾ ਤੋਂ ਕਰਨ ਦੇ ਹੁਕਮ ਦਿੱਤੇ। ਧਿਆਨ ਰਹੇ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਭਾਜਪਾ ਦੇ ਮਨੋਜ ਸੋਨਕਰ ਨੂੰ 16 ਵੋਟਾਂ ਦੇ ਨਾਲ ਮੇਅਰ ਵਜੋਂ ਜੇਤੂ ਕਰਾਰ ਦਿੱਤਾ ਗਿਆ ਸੀ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ ਸਨ। ਇਸ ਮਾਮਲੇ ’ਚ ਉਦੋਂ ਵਿਵਾਦ ਖੜ੍ਹਾ ਹੋ ਗਿਆ ਸੀ ਜਦੋਂ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੀਆਂ 8 ਵੋਟਾਂ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਬੈਲਟ ਪੇਪਰਾਂ ਨਾਲ ਛੇੜਛਾੜ ਦਾ ਵਿਵਾਦ ਖੜ੍ਹਾ ਹੋ ਗਿਆ ਸੀ।