ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰਕੇ ਮੀਟਿੰਗ ਸਬੰਧੀ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਕੋਲੋਂ ਆਪਣੀਆਂ ਖੇਤੀ ਸਬੰਧੀ ਮੰਗਾਂ ਮਨਵਾਉਣ ਦੇ ਲਈ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਜੇਕਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਮੀਟਿੰਗ ਵਾਲੇ ਸੱਦੇ ਨੂੰ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਇਹ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਪੰਜਵੀਂ ਮੀਟਿੰਗ ਹੋਵੇਗੀ। ਟਵੀਟ ’ਚ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਲਿਖਿਆ ਕਿ ਚੌਥੇ ਗੇੜ ਦੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਪੰਜਵੇਂ ਗੇੜ ਦੀ ਮੀਟਿੰਗ ਵਿਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ ਅਤੇ ਐਫਆਈਆਰ ਵਰਗੇ ਸਾਰੇ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਕਿਸਾਨ ਆਗੂਆਂ ਨੂੰ ਮੁੜ ਚਰਚਾ ਲਈ ਸੱਦਾ ਦਿੰਦਾ ਹਾਂ ਅਤੇ ਸਾਡੇ ਸਾਰਿਆਂ ਲਈ ਸ਼ਾਂਤੀ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ।