ਐਡਵੋਕੇਟ ਧਾਮੀ ਨੇ ਸਾਈਬਰ ਸੁਰੱਖਿਆ ਵਿਭਾਗ ਤੋਂ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦੋ ਪੋਸਟਾਂ ਨੂੰ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਨੇ ਭਾਰਤ ’ਚ ਵਿਦ ਹੈਲਡ ਕਰ ਦਿੱਤਾ ਹੈ। ਇਸ ਸਬੰਧੀ ਐਕਸ ਵੱਲੋਂ ਭੇਜੀ ਗਈ ਈਮੇਲ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ। ਸ਼ੋਸ਼ਲ ਮੀਡੀਆ ਅਕਾਊਂਟ ਐਕਸ ਵੱਲੋਂ ਇਹ ਕਦਮ ਭਾਰਤ ਸਰਕਾਰ ਦੇ ਹੁਕਮਾਂ ਤੋਂ ਬਾਅਦ ਚੁੱਕਿਆ ਗਿਆ ਹੈ। ਰੋਕੀਆਂ ਗਈਆਂ ਪੋਸਟਾਂ ਵਿਚੋਂ ਇਕ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਹੈ, ਜਿਸ ’ਚ ਉਨ੍ਹਾਂ ਕਿਹਾ ਹੈ ਕਿ ਸਰਕਾਰ ਕਿਸਾਨਾਂ ’ਤੇ ਪੁਲਿਸ ਬਲ ਦਾ ਇਸਤੇਮਾਲ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਜਦਕਿ ਦੂਜੀ ਪੋਸਟ ਨਵੰਬਰ ਮਹੀਨੇ ਦੀ ਹੈ ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ ਗਈ ਸੀ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਵੱਲੋਂ ਚੁੱਕੇ ਗਏ ਵਿਦ ਹੈਲਡ ਦੇ ਕਦਮ ਨੂੰ ਗਲਤ ਦੱਸਿਆ ਹੈ ਅਤੇ ਇਸ ’ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ।