ਇਸਲਾਮਾਬਾਦ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਗੱਠਜੋੜ ਸਰਕਾਰ ਬਣਾਉਣ ਲਈ ਸੱਤਾ ਦੀ ਵੰਡ ਦੇ ਫਾਰਮੂਲੇ ਬਾਰੇ ਸਹਿਮਤ ਹੋ ਗਈਆਂ ਹਨ। ਦੋਵਾਂ ਧਿਰਾਂ ਵਿਚਾਲੇ ਹੋਏ ਕਰਾਰ ਤਹਿਤ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਗੱਠਜੋੜ ਸਰਕਾਰ ਦੀ ਅਗਵਾਈ ਕਰਨਗੇ ਜਦੋਂਕਿ ਪੀਪੀਪੀ ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ (68) ਰਾਸ਼ਟਰਪਤੀ ਦੇ ਅਹੁਦੇ ਲਈ ਸਾਂਝੇ ਉਮੀਦਵਾਰ ਹੋਣਗੇ। ਪੀਐੱਮਐੱਲ-ਐੱਨ ਤੇ ਪੀਪੀਪੀ ਦਾ ਇਕ ਮੰਚ ‘ਤੇ ਆਉਣਾ ਜੇਲ੍ਹ ਵਿਚ ਬੰਦ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਲਈ ਵੱਡਾ ਝਟਕਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ 8 ਫਰਵਰੀ ਦੀਆਂ ਚੋਣਾਂ ਵਿਚ ਕਥਿਤ ਬੇਨਿਯਮੀਆਂ ਦੇ ਹਵਾਲੇ ਨਾਲ ਦੇਸ਼ ਵਿਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਮੰਗ ਕਰਦੀ ਪਟੀਸ਼ਨ ਨੂੰ ‘ਸਿਆਸੀ ਸਟੰਟ’ ਦੱਸ ਕੇ ਖਾਰਜ ਕਰ ਦਿੱਤਾ ਹੈ। ਸਰਵਉੱਚ ਅਦਾਲਤ ਨੇ ਪਟੀਸ਼ਨਰ ਸੇਵਾ ਮੁਕਤ ਬ੍ਰਿਗੇਡੀਅਰ ਅਲੀ ਖ਼ਾਨ ਨੂੰ ਕੋਰਟ ਵਿਚ ਪੇਸ਼ ਨਾ ਹੋਣ ਬਦਲੇ ਜੁਰਮਾਨਾ ਵੀ ਲਾਇਆ ਹੈ। ਲੰਮੀ ਵਿਚਾਰ ਚਰਚਾ ਮਗਰੋਂ ਮੰਗਲਵਾਰ ਦੇਰ ਰਾਤ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਐਲਾਨ ਕੀਤਾ ਕਿ ਪੀਐੱਮਐੱਲ-ਐੱਨ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ (72) ਇਕ ਵਾਰ ਮੁੜ ਪ੍ਰਧਾਨ ਮੰਤਰੀ ਦੀ ਭੂਮਿਕਾ ਨਿਭਾਉਣਗੇ ਜਦੋਂਕਿ ਪੀਪੀਪੀ ਦੇ ਕੋ-ਚੇਅਰਪਰਸਨ ਆਸਿਫ਼ ਅਲੀ ਜ਼ਰਦਾਰੀ ਰਾਸ਼ਟਰਪਤੀ ਦਫ਼ਤਰ ਲਈ ਸਾਂਝੇ ਉਮੀਦਵਾਰ ਹੋਣਗੇ। ਬਿਲਾਵਲ ਨੇ ਕਿਹਾ, ”ਪੀਪੀਪੀ ਤੇ ਪੀਐੱਮਐੱਲ-ਐੱਨ ਨੇ ਲੋੜੀਂਦੀ ਗਿਣਤੀ ਹਾਸਲ ਕਰ ਲਈ ਹੈ ਤੇ ਅਸੀਂ ਹੁਣ ਸਰਕਾਰ ਬਣਾਉਣ ਦੀ ਸਥਿਤੀ ਵਿਚ ਹਾਂ।”
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …