‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਮਾਇਤ ‘ਚ ਨਿੱਤਰੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਸ਼ੁਰੂ ਹੋਏ ਕਿਸਾਨ ਅੰਦੋਲਨ ਨਾਲ ਪੰਜਾਬ ਦੀ ਸਿਆਸਤ ਭਖ ਗਈ ਹੈ। ਸਮੂਹ ਸਿਆਸੀ ਧਿਰਾਂ ਕਿਸਾਨੀ ਅੰਦੋਲਨ ਦਾ ਲਾਹਾ ਲੈਣ ਲਈ ਕਿਸਾਨਾਂ ਦੀ ਹਮਾਇਤ ਕਰਨ ਲੱਗੀਆਂ ਹੋਈਆਂ ਹਨ। ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀ ਹਮਾਇਤ ਕਰ ਦਿੱਤੀ ਹੈ ਜਦਕਿ ਭਾਜਪਾ ਨੇ ਕਿਸਾਨਾਂ ਦੀ ਹਮਾਇਤ ਤਾਂ ਨਹੀਂ ਕੀਤੀ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਆਪਣਾ ਪੱਖ ਜ਼ਰੂਰ ਰੱਖਦੇ ਨਜ਼ਰ ਆਏ ਹਨ। ਇੰਨਾ ਹੀ ਨਹੀਂ ਸੁਨੀਲ ਜਾਖੜ ਵੱਲੋਂ ਦਿੱਲੀ ਵਿਚ ਚੱਲ ਰਹੀ ਕਨਵੈਨਸ਼ਨ ਦੌਰਾਨ ਭਾਜਪਾ ਦੇ ਕਈ ਕੇਂਦਰੀ ਮੰਤਰੀਆਂ ਕੋਲ ਵੀ ਇਹ ਮੁੱਦਾ ਚੁੱਕਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਕਾਨੂੰਨ ਬਣਾਉਣ ਤੇ ਹੋਰਨਾਂ ਕਿਸਾਨੀ ਮੰਗਾਂ ਦਾ ਹੱਲ ਲੱਭਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਲੀ ਚੱਲੋ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਦੇ ਜ਼ਿਆਦਾਤਰ ਲੋਕ ਖੇਤੀ ਕਰਦੇ ਹਨ। ਅਜਿਹੇ ਹਾਲਾਤ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਅੰਦੋਲਨ ਨੂੰ ਸਮਰਥਨ ਦੇ ਕੇ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ। ਇਸੇ ਕਰਕੇ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਥਾਂ ਰੋਕਿਆ ਨਹੀਂ ਗਿਆ ਅਤੇ ਕੇਂਦਰ ਨਾਲ ਵਾਰ-ਵਾਰ ਗੱਲਬਾਤ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਵੀ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ ਜਦਕਿ ਕਾਂਗਰਸ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਹਰੀ ਤੌਰ ‘ਤੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਧਰ, ਪਹਿਲਾਂ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਕਈ ਵਾਰ ਕਹਿ ਚੁੱਕੇ ਹਨ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਲੰਘੇ ਦਿਨੀਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਜਲਦ ਹੀ ਹੱਲ ਕੱਢ ਲਿਆ ਜਾਵੇਗਾ। ਦੂਜੇ ਪਾਸੇ, ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨੀ ਮੰਗਾਂ ਦਾ ਜਲਦ ਹੱਲ ਕੱਢਣ ਲਈ ਜ਼ੋਰ ਪਾਇਆ ਜਾ ਰਿਹਾ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …