ਪੰਜਾਬ ਕਾਂਗਰਸ ਵੱਲੋਂ ਆਮਦਨ ਕਰ ਵਿਭਾਗ ਦਫ਼ਤਰ ਸਾਹਮਣੇ ਧਰਨਾ; ਪਾਰਟੀ ਦੇ ਖਾਤੇ ਸੀਲ ਕਰਨ ਦਾ ਵਿਰੋਧ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਰੋਪ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੋਧੀ ਧਿਰਾਂ ਖਾਸ ਕਰਕੇ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ, ਸੀਬੀਆਈ ਅਤੇ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਪੰਜਾਬ ਕਾਂਗਰਸ ਵੱਲੋਂ ਮੁਹਾਲੀ ਦੇ ਸੈਕਟਰ 68 ਵਿਚ ਆਮਦਨ ਕਰ ਵਿਭਾਗ ਦੇ ਦਫ਼ਤਰ ਅੱਗੇ ਲਗਾਏ ਧਰਨੇ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਇਹ ਧਰਨਾ ਆਮਦਨ ਕਰ ਵਿਭਾਗ ਵੱਲੋਂ ਕਾਂਗਰਸ ਪਾਰਟੀ ਦੇ ਖਾਤੇ ਸੀਲ ਕਰਨ ਦੇ ਵਿਰੋਧ ਤਹਿਤ ਦਿੱਤਾ ਗਿਆ ਹੈ। ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਆਰਐੱਸਐੱਸ ਦੀ ਵਿਚਾਰਧਾਰਾ ਲਾਗੂ ਕਰਨ ਲਈ ਕਾਂਗਰਸ ਪਾਰਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਘਾਣ ਕਰ ਰਹੇ ਹਨ। ਦੇਸ਼ ਦੀ 138 ਸਾਲ ਪੁਰਾਣੀ ਕਾਂਗਰਸ ਪਾਰਟੀ ਦੇ ਖਾਤੇ ਵਿੱਚ ਸਿਰਫ਼ 170-80 ਕਰੋੜ ਰੁਪਏ ਹਨ ਤੇ ਸਿਰਫ਼ ਦਸ ਸਾਲਾਂ ਤੋਂ ਸੱਤਾ ਵਿੱਚ ਆਈ ਭਾਜਪਾ ਦੇ ਖਾਤੇ ਵਿੱਚ 6500 ਕਰੋੜ ਦੀ ਰਾਸ਼ੀ ਹੈ ਜਿਸ ਦੀ ਆਮਦਨ ਕਰ ਵਿਭਾਗ ਜਾਂਚ ਕਿਉਂ ਨਹੀਂ ਕਰ ਰਿਹਾ।
ਪਾਰਟੀ ਪ੍ਰਧਾਨ ਨੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲਈ ਵਿੱਢੇ ਸੰਘਰਸ਼ ਨੂੰ ਵਾਜਿਬ ਦਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਦੋ ਵਰ੍ਹੇ ਪਹਿਲਾਂ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਦੇਸ਼ ਦੇ ਲੋਕ ਸਾਰਾ ਕੁਝ ਵੇਖ ਰਹੇ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਉਹ ਇਸ ਸਭ ਲਈ ਭਾਜਪਾ ਦੀ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਕਾਰਵਾਈਆਂ ਬੰਦ ਨਾ ਹੋਈਆਂ ਤਾਂ ਕਾਂਗਰਸ ਪਾਰਟੀ ਵੱਡੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਆਮਦਨ ਕਰ ਵਿਭਾਗ ਕੋਲੋਂ ਪਾਰਟੀ ਦੇ ਬੰਦ ਕੀਤੇ ਖਾਤੇ ਖੋਲ੍ਹਣ ਦੀ ਮੰਗ ਕੀਤੀ।
ਧਰਨੇ ਨੂੰ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਨ ਸਭਾ ਦੇ ਡਿਪਟੀ ਆਗੂ ਰਾਜ ਕੁਮਾਰ ਚੱਬੇਵਾਲ, ਵਿਧਾਇਕ ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਸਿੰਘ ਕੋਟਲੀ, ਹਰਦਿਆਲ ਸਿੰਘ ਕੰਬੋਜ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਗੁਰਪ੍ਰੀਤ ਸਿੰਘ ਜੀਪੀ ਮੌਜੂਦ ਸਨ।