11.3 C
Toronto
Friday, October 17, 2025
spot_img
Homeਪੰਜਾਬਪੰਜਾਬ ਸਰਕਾਰ 23 ਫਸਲਾਂ ਐੱਮਐੱਸਪੀ ਉਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ

ਪੰਜਾਬ ਸਰਕਾਰ 23 ਫਸਲਾਂ ਐੱਮਐੱਸਪੀ ਉਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ

ਲੋਕ ਸਭਾ ਮੈਂਬਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁੱਖ ਮੰਤਰੀ ‘ਤੇ ਦਬਾਅ ਬਣਾਉਣ ਦੀ ਅਪੀਲ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਸਾਰੀਆਂ 23 ਫਸਲਾਂ ਐੱਮਐੱਸਪੀ ਅਨੁਸਾਰ ਖਰੀਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਫਿਰ ਮੁੱਖ ਮੰਤਰੀ ਨੂੰ ਇਸ ਤਜਵੀਜ਼ ਨੂੰ ਪੰਜਾਬ ਵਿੱਚ ਅਮਲੀ ਜਾਮਾ ਪਹਿਨਾਉਣ ਲਈ ਢੁੱਕਵਾਂ ਕਾਨੂੰਨ ਲਿਆਉਣਾ ਚਾਹੀਦਾ ਹੈ।
ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਵਾਅਦਾ ਪੂਰਾ ਕਰਨ ਲਈ ਮੁੱਖ ਮੰਤਰੀ ‘ਤੇ ਦਬਾਅ ਬਣਾਉਣ। ਹਰਸਿਮਰਤ ਕੌਰ ਬਾਦਲ ਕੇਂਦਰੀ ਯੂਨੀਵਰਸਿਟੀ ਵਿੱਚ ਖੇਡ ਸਮਾਗਮ ਵਿੱਚ ਹਿੱਸਾ ਲੈਣ ਲਈ ਬਠਿੰਡਾ ਪਹੁੰਚੇ ਸਨ।
ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਖੇਤਰ ਵਿੱਚ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰਕੇ ਮੁੱਖ ਮੰਤਰੀ ਨੇ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖਿਲਾਫ ਤੁਰੰਤ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨਾਲ ਰਲਗੱਡ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇ ਭਗਵੰਤ ਮਾਨ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੁੰਦੀ ਤਾਂ ਉਹ ਡਰੋਨਾਂ ਤੇ ਰਬੜ ਦੀਆਂ ਗੋਲੀਆਂ ਦਾ ਨਿਸ਼ਾਨਾ ਪਹਿਲਾਂ ਆਪ ਬਣਦੇ ਨਾ ਕਿ ਕਿਸਾਨਾਂ ਨੂੰ ਇਨ੍ਹਾਂ ਦਾ ਸ਼ਿਕਾਰ ਹੋਣ ਦਿੰਦੇ।
ਉਨ੍ਹਾਂ ਕੇਂਦਰ ਸਰਕਾਰ ਵੱਲੋਂ ਢਾਈ ਸਾਲ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਨਿਖੇਧੀ ਕੀਤੀ।

 

RELATED ARTICLES
POPULAR POSTS