ਕਿਹਾ : ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਇਥੇ ‘ਗੁਰੂ ਰਵਿਦਾਸ ਮੈਮੋਰੀਅਲ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਸੰਗਤਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰਦਾ ਹਾਂ ਕਿ ਇਹ ਸੇਵਾ ਮੇਰੇ ਹਿੱਸੇ ਆਈ ਹੈ ਅਤੇ ਮੈਨੂੰ ਉਸ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ ਜਿੱਥੇ ਸ੍ਰੀ ਗੁਰੂ ਰਵਿਦਾਸ ਜੀ 4 ਸਾਲ 2 ਮਹੀਨੇ ਅਤੇ 11 ਦਿਨ ਰਹੇ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਗੁਰੂ ਸਾਹਿਬ ਦੀਆਂ ਯਾਦਗਾਰਾਂ ਅਤੇ ਸਿੱਖਿਆਵਾਂ ਨੂੰ ਸੰਭਾਲ ਕੇ ਰੱਖੀਏ ਤਾਂ ਜੋ ਸਾਡੇ ਬੱਚਿਆਂ ਨੂੰ ਪਤਾ ਲੱਗ ਸਕੇ ਕਿ ਅਸੀਂ ਕਿਨ੍ਹਾਂ ਦੇ ਵਾਰਿਸ ਹਾਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਵੱਡਾ ਟੂਰਿਸਟ ਕੇਂਦਰ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਉਣ ਦਾ ਐਲਾਨ ਵੀ ਕੀਤਾ। ਧਿਆਨ ਰਹੇ ਕਿ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ਾਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ਼ਨੀਵਾਰ 24 ਫਰਵਰੀ ਨੂੰ ਬੜੀ ਸ਼ਰਧਾ ਨਾਲ ਮਨਾਇਆ ਗਿਆ।