ਇਨ੍ਹਾਂ ਰੇਲ ਪ੍ਰੋਜੈਕਟਾਂ ’ਚ ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਕਰੀਬ 2 ਹਜ਼ਾਰ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਵੀ ਕੀਤੇ। ਪੀਐਮ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਤਹਿਤ 553 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ’ਚ ਪੰਜਾਬ ਦੇ ਤਿੰਨ ਜਲੰਧਰ, ਬਿਆਸ ਅਤੇ ਮੋਗਾ ਰੇਲਵੇ ਸਟੇਸ਼ਨ ਸ਼ਾਮਲ ਹਨ। 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਥਿਤ ਇਨ੍ਹਾਂ ਸਟੇਸ਼ਨਾਂ ਨੂੰ 19 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਤ ਕੀਤਾ ਜਾਵੇਗਾ। ਇਸਦੇ ਚੱਲਦਿਆਂ ਜਲੰਧਰ ਵਿਚ ਵੀ ਇਕ ਸਮਾਗਮ ਰੱਖਿਆ ਗਿਆ ਸੀ। ਇਸ ਸਮਾਗਮ ਵਿਚ ਰਾਜਪਾਲ ਬੀ.ਐਲ. ਪੁਰੋਹਿਤ ਪਹੁੰਚੇ। ਇਸ ਮੌਕੇ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫਾਂ ਕੀਤੀਆਂ ਅਤੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦਾ ਹਿਤੈਸ਼ੀ ਵੀ ਦੱਸਿਆ। ਰਾਜਪਾਲ ਨੇ ਕਿਹਾ ਕਿ ਭਾਰਤ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿਚ ਇਕ ਵਰਦਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੱਜ 41 ਹਜ਼ਾਰ ਕਰੋੜ ਰੁਪਏ ਦੀ ਸੌਗਾਤ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਨੂੰ ਡਿਵੈਲਪ ਕਰਨ ਵਿਚ ਅੱਗੇ ਰਹੀ ਹੈ। ਰਾਜਪਾਲ ਪੁਰੋਹਿਤ ਹੋਰਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿਚੋਂ ਬਹੁਤ ਪਿਆਰ ਮਿਲਿਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੱਡੇ ਦਿਲ ਵਾਲੇ ਵੀ ਦੱਸਿਆ।