![](https://parvasinewspaper.com/wp-content/uploads/2024/02/Kisan-1.jpg)
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਣੇ ਦੇਸ਼ ਭਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਤਹਿਤ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਟਰੈਕਟਰ ਸੜਕਾਂ ’ਤੇ ਖੜ੍ਹੇ ਕੀਤੇ ਗਏ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਵਿਚ ਹੋਈ ਘਟਨਾ ਤੋਂ ਬਾਅਦ ਹੀ ਸੰਯੁਕਤ ਕਿਸਾਨ ਮੋਰਚਾ ਨੇ ਇਸ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵਲੋਂ ਵੀ ਪੰਜਾਬ ਵਿਚ ਵਰਲਡ ਟਰੇਡ ਆਰਗੇਨਾਈਜੇਸ਼ਨ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ। ਪਿਛਲੇ ਦਿਨੀਂ ਹਰਿਆਣਾ ਦੀ ਪੁਲਿਸ ਵਲੋਂ ਪੰਜਾਬ ਦੇ ਕਿਸਾਨਾਂ ’ਤੇ ਕੀਤੇ ਜਬਰ ਦੀ ਵੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਕਿਸਾਨ ਸੰਗਠਨ, ਕਿਸਾਨਾਂ ਨੂੰ ਵਰਲਡ ਟਰੇਡ ਆਰਗੇਨਾਈਜੇਸ਼ਨ ਵਿਚੋਂ ਬਾਹਰ ਰੱਖਣ ਦੀ ਮੰਗ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ 26 ਤੋਂ 29 ਫਰਵਰੀ ਤੱਕ ਆਬੂਧਾਬੀ ਵਿਚ ਹੋਣ ਵਾਲੇ ਵਰਲਡ ਟਰੇਡ ਆਰਗੇਨਾਈਜੇਸ਼ਨ ਦੇ 13ਵੇਂ ਸੰਮੇਲਨ ਦੌਰਾਨ ਖੇਤੀ ਨੂੰ ਇਸ ਵਿਚੋਂ ਬਾਹਰ ਰੱਖਣ ਦੇ ਲਈ ਵਿਕਸ਼ਿਤ ਦੇਸ਼ਾਂ ’ਤੇ ਦਬਾਅ ਪਾਇਆ ਜਾਵੇ। ਕਿਸਾਨਾਂ ਵਲੋਂ ਨਰਿੰਦਰ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।