ਭਾਜਪਾ ਵਿਚ ਜਾਣ ਦੀਆਂ ਅਟਕਲਾਂ ’ਤੇ ਲੱਗਾ ਸਵਾਲੀਆ ਚਿੰਨ੍ਹ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਦੀ ਇਸ ਮੁਲਾਕਾਤ ਤੋਂ ਇਹ ਸਾਫ ਹੋ ਗਿਆ ਹੈ ਕਿ ਉਨ੍ਹਾਂ ਦੇ ਭਾਜਪਾ ਵਿਚ ਜਾਣ ਦੀਆਂ ਸਿਰਫ ਅਫਵਾਹਾਂ ਹੀ ਹਨ। ਇਸ ਮੁਲਾਕਾਤ ਨਾਲ ਇਕ ਵਾਰ ਫਿਰ ਨਵਜੋਤ ਸਿੱਧੂ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਸ਼ਾਂਤ ਰਹਿੰਦੇ ਹੋਏ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਬਿਲਕੁਲ ਅਲੱਗ ਚੱਲ ਰਹੇ ਹਨ। ਇਸੇ ਦੌਰਾਨ ਨਵਜੋਤ ਸਿੱਧੂ ਕਾਂਗਰਸ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਅਤੇ ਨਾ ਹੀ ਉਨ੍ਹਾਂ ਨੇ ਸਮਰਾਲਾ ਵਿਖੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਕਨਵੈਨਸ਼ਨ ਵਿਚ ਹਿੱਸਾ ਲਿਆ ਸੀ। ਅਜਿਹੀਆਂ ਗੱਲਾਂ ਨੂੰ ਦੇਖ ਕੇ ਨਵਜੋਤ ਸਿੱਧੂ ਸਬੰਧੀ ਕਿਹਾ ਜਾ ਰਿਹਾ ਸੀ ਕਿ ਉਹ ਭਾਜਪਾ ਵਿਚ ਜਾ ਸਕਦੇ ਹਨ ਅਤੇ ਭਾਜਪਾ ਉਨ੍ਹਾਂ ਨੂੰ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਪਰ ਨਵਜੋਤ ਸਿੰਘ ਸਿੱਧੂ ਵਲੋਂ ਪਿ੍ਰਅੰਕਾ ਗਾਂਧੀ ਨਾਲ ਕੀਤੀ ਗਈ ਮੁਲਾਕਾਤ ਨੇ ਇਨ੍ਹਾਂ ਸਾਰੀਆਂ ਕਿਆਸ ਅਰਾਈਆਂ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।