ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਲੱਗੀ ਸਿਆਸੀ ਦੂਸ਼ਣਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ ਹੈ। ਨਵਜੋਤ ਸਿੱਧੂ ਨੇ ਪੁਰਾਣੀ ਪੈਨਸ਼ਨ ਦੇ ਬਹਾਨੇ ਮੁੱਖ ਮੰਤਰੀ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਨੋਟੀਫਾਈ ਕਰਨ ਵਿਚ ਅਸਫਲ ਰਹੀ ਹੈ। ਨਵਜੋਤ ਸਿੱਧੂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਸੂੁਬਾ ਸਰਕਾਰ ਨੇ ਇਸ ਸਬੰਧੀ ਭਰਮ ਵਾਲੀ ਸਥਿਤੀ ਬਣਾ ਕੇ ਰੱਖੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀਆਂ ਵਿਚ ਭਗਵੰਤ ਮਾਨ ਸਭ ਤੋਂ ਸਿਖਰ ’ਤੇ ਹਨ। ਧਿਆਨ ਰਹੇ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਵਜੋਤ ਸਿੱਧੂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਲੰਘੇ ਦਿਨੀਂ ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੂੰ ਵਿਆਹਾਂ ਵਿਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ ਸੀ। ਉਨ੍ਹਾਂ ਇਹ ਵੀ ਕਹਿ ਦਿੱਤਾ ਸੀ ਕਿ ਕਈ ਵਾਰ ਇਹੋ ਸੂਟ ਸਾਲ-ਡੇਢ ਸਾਲ ਬਾਅਦ ਮੁੜ ਆਪਣੇ ਕੋਲ ਹੀ ਆ ਜਾਂਦਾ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਦੱਸਣਯੋਗ ਹੈ ਕਿ ਅਜਿਹੀ ਸਿਆਸੀ ਦੂਸ਼ਣਬਾਜ਼ੀ ਆਉਂਦੇ ਦਿਨਾਂ ਵਿਚ ਹੋਰ ਵੀ ਵਧੇਗੀ।