ਕਿਹਾ : ਪੰਜਾਬੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਾਡਾ ਪਹਿਲਾ ਫਰਜ਼
ਮੋਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੇਰੀ ਸਾਇੰਸਿਜ਼ ਦਾ ਮੋਹਾਲੀ ’ਚ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਅਸੀਂ ਸਿਹਤ ਅਤੇ ਸਿੱਖਿਆ ਢਾਂਚੇ ਨੂੰ ਬੇਹਤਰ ਬਣਾਉਣ ਦਾ ਟੀਚਾ ਮਿੱਥਿਆ ਸੀ। ਪੰਜਾਬੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਾਡਾ ਪਹਿਲਾ ਫਰਜ਼ ਹੈ ਅਤੇ ਅਸੀਂ ਉਸੇ ਦਿਸ਼ਾ ’ਚ ਕੰਮ ਕਰ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਇਸ ਲਿਵਰ ਇੰਸਟੀਚਿਊਟ ਨੂੰ ਪੂਰੀ ਤਰ੍ਹਾਂ ਨਾਲ ਆਧੁਨਿਕ ਬਣਾਇਆ ਗਿਆ ਹੈ। ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਤਰ੍ਹਾਂ ਦੇ ਸ਼ੁਭ ਆਰੰਭ ਵਾਲੇ ਪ੍ਰੋਗਰਾਮ ਹੋਣੇ ਹੀ ਬੰਦ ਹੋ ਗਏ ਸਨ ਕਿਉਂਕਿ ਜਿਨ੍ਹਾਂ ਹਾਕਮਾਂ ਨੂੰ ਅਸੀਂ ਚੁਣ ਕੇ ਭੇਜਦੇ ਸੀ, ਉਨ੍ਹਾਂ ਦਾ ਧਿਆਨ ਸਿਰਫ਼ ਆਪਣੇ ਪਰਿਵਾਰਾਂ ਵੱਲ ਹੀ ਰਹਿੰਦਾ ਸੀ ਪ੍ਰੰਤੂ ਹੁਣ ਇਸ ਤਰ੍ਹਾਂ ਨਹੀਂ ਹੋ ਰਿਹਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 70 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ ਅਤੇ ਲੁਧਿਆਣਾ ’ਚ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਉਨ੍ਹਾਂ ਕੰਪਨੀਆਂ ਦੇ ਨਾਂ ਵੀ ਗਿਣਾਏ ਜਿਨ੍ਹਾਂ ਵੱਲੋਂ ਪੰਜਾਬ ’ਚ ਨਿਵੇਸ਼ ਕੀਤਾ ਜਾ ਰਿਹਾ ਹੈ।