ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਹੰਝੂਆਂ ਭਰੀ ਅੰਤਮ ਵਿਦਾਇਗੀ
ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਬਠਿੰਡਾ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਲੰਘੀ 21 ਫਰਵਰੀ ਨੂੰ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਉਸਦੇ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਬੱਲੋਂ ਵਿਚ ਅੰਤਮ ਸਸਕਾਰ ਕਰ ਦਿੱਤਾ ਗਿਆ। ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ ਨੇ ਆਪਣੇ ਪੁੱਤਰ ਦੀ ਚਿਖਾ ਨੂੰ ਅਗਨੀ ਦਿੱਤੀ ਅਤੇ ਦੋਵਾਂ ਭੈਣਾਂ ਨੇ ਆਪਣੇ ਭਰਾ ਸ਼ੁਭਕਰਨ ਦੇ ਸਿਰ ‘ਤੇ ਸਿਹਰਾ ਸਜਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਅਤੇ ਹਰ ਪਹੁੰਚੇ ਵਿਅਕਤੀ ਦੀਆਂ ਅੱਖਾਂ ਵਿਚ ਹੰਝੂ ਸਨ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਵੀ ਮੌਜੂਦ ਰਹੇ। ਇਨ੍ਹਾਂ ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ੁਭਕਰਨ ਨਮਿਤ ਅੰਤਿਮ ਅਰਦਾਸ 3 ਮਾਰਚ ਨੂੰ ਰੱਖੀ ਗਈ ਹੈ। ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ‘ਤੇ ਛੱਡੇ ਗਏ ਅੱਥਰੂ ਗੈਸ ਦੇ ਗੋਲਿਆਂ ਅਤੇ ਰਬੜ ਦੀਆਂ ਚਲਾਈਆਂ ਗਈਆਂ ਗੋਲੀਆਂ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਲੰਘੀ 13 ਫਰਵਰੀ ਨੂੰ ਕਿਸਾਨੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹਰਿਆਣਾ ਦੀ ਪੁਲਿਸ ਨੇ ਪੰਜਾਬ ਦੇ ਕਿਸਾਨਾਂ ਨੂੰ ਅੱਗੇ ਨਹੀਂ ਲੰਘਣ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਦੇ ਬਾਰਡਰ ‘ਤੇ ਧਰਨਾ ਲਗਾ ਦਿੱਤਾ ਸੀ। ਇਸਦੇ ਚੱਲਦਿਆਂ ਕਿਸਾਨਾਂ ਨੇ ਕਈ ਵਾਰ ਸ਼ੰਭੂ ਅਤੇ ਖਨੌਰੀ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਹਰਿਆਣਾ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ। ਇਸੇ ਦੌਰਾਨ ਹੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਜਾਨ ਚਲੇ ਗਈ ਸੀ।
ਜ਼ਿਕਰਯੋਗ ਹੈ ਕਿ ਸ਼ੁਭਕਰਨ ਸਿੰਘ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਧਰਨੇ ਵਿੱਚ ਗਿਆ ਹੋਇਆ ਸੀ ਜਿੱਥੇ 21 ਫਰਵਰੀ ਨੂੰ ਉਹ ਸ਼ਹੀਦ ਹੋ ਗਿਆ ਸੀ। ਸ਼ੁਭਕਰਨ ਦੀ ਲਾਸ਼ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਰੱਖਿਆ ਹੋਇਆ ਸੀ ਜਿੱਥੇ ਕਿਸਾਨ ਆਗੂਆਂ ਨੇ ਐਫ ਆਈ ਆਰ ਦਰਜ ਕੀਤੇ ਬਗੈਰ ਪੋਸਟਮਾਰਟਮ ਨਾ ਕਰਵਾਉਣ ਦੀ ਮੰਗ ਰੱਖੀ ਸੀ। ਕਿਸਾਨ ਧਿਰਾਂ ਦੀ ਮੰਗ ਮੰਨੇ ਜਾਣ ਮਗਰੋਂ ਡਾਕਟਰਾਂ ਦੇ ਪੈਨਲ ਨੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮਗਰੋਂ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਖਨੌਰੀ ਬਾਰਡਰ ‘ਤੇ ਲਿਆਂਦਾ ਗਿਆ ਜਿੱਥੇ ਕਿਸਾਨ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਕ ਕਿਲੋਮੀਟਰ ਤੱਕ ਲੰਬੇ ਕਾਫਲੇ ਦੌਰਾਨ ਸ਼ਹੀਦ ਸ਼ੁਭਕਰਨ ਦੀ ਮ੍ਰਿਤਕ ਦੇਹ ‘ਤੇ ਫੁੱਲਾਂ ਦੀ ਬਰਸਾਤ ਕਰਕੇ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਸ਼ੁਭਕਰਨ ਸਿੰਘ ਕਿਸਾਨੀ ਅੰਦੋਲਨ ਦਾ ਸ਼ਹੀਦ ਹੈ ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਏਗਾ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੁਭਕਰਨ ਕਿਸਾਨ ਅੰਦੋਲਨ ਦਾ ਸ਼ਹੀਦ ਹੈ ਅਤੇ ਉਸ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਏਗੀ।
ਅੰਦੋਲਨ ਦੌਰਾਨ ਜਾ ਚੁੱਕੀਆਂ ਹਨ 8 ਜਾਨਾਂ
ਇਸ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 8 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਿਨ੍ਹਾਂ ਤਿੰਨ ਪੁਲਿਸ ਕਰਮੀ ਵੀ ਸ਼ਾਮਲ ਹਨ। ਇਸ ਕਿਸਾਨ ਅੰਦੋਲਨ ਦੌਰਾਨ 14 ਫਰਵਰੀ ਨੂੰ ਕਿਸਾਨ ਗਿਆਨ ਸਿੰਘ ਦੀ ਜਾਨ ਚਲੇ ਗਈ ਸੀ। ਇਸੇ ਤੋਂ ਬਾਅਦ 16 ਫਰਵਰੀ ਨੂੰ ਪੁਲਿਸ ਕਰਮਚਾਰੀ ਐਸ.ਆਈ. ਹੀਰਾ ਲਾਲ ਦੀ ਮੌਤ ਹੋ ਗਈ ਸੀ। ਇਸਦੇ ਚੱਲਦਿਆਂ 18 ਫਰਵਰੀ ਨੂੰ ਕਿਸਾਨ ਮਨਜੀਤ ਸਿੰਘ, 20ਫਰਵਰੀ ਨੂੰ ਪੁਲਿਸ ਕਰਮਚਾਰੀ ਐਸ.ਆਈ. ਕੌਸ਼ਲ ਕੁਮਾਰ ਅਤੇ ਐਸ.ਆਈ. ਵਿਜੇ ਕੁਮਾਰ, 21 ਫਰਵਰੀ ਨੂੰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ, 22 ਫਰਵਰੀ ਨੂੰ ਕਿਸਾਨ ਦਰਸ਼ਨ ਸਿੰਘ ਅਤੇ 27 ਫਰਵਰੀ ਨੂੰ ਕਿਸਾਨ ਕਰਨੈਲ ਸਿੰਘ ਦੀ ਜਾਨ ਚਲੇ ਗਈ ਸੀ।
ਜ਼ੀਰੋ ਐਫਆਈਆਰ ‘ਤੇ ਅਕਾਲੀ ਦਲ ਤੇ ਕਾਂਗਰਸ ਨੇ ਚੁੱਕੇ ਸਵਾਲ
ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਦਰਜ ਕੀਤੀ ਗਈ ਜ਼ੀਰੋ ਐਫਆਈਆਰ ‘ਚ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੀਐਮ ਨੂੰ ਸੰਸਦ ਵਿਚ ਉਨ੍ਹਾਂ ਵਲੋਂ ਦਿੱਤੇ ਗਏ ਉਸ ਸੰਬੋਧਨ ਨੂੰ ਯਾਦ ਕਰਨ ਦੀ ਨਸੀਹਤ ਦਿੱਤੀ ਹੈ, ਜਿਸ ਵਿਚ ਉਨ੍ਹਾਂ ਨੇ ਪੁਲਿਸ ਵਲੋਂ ਅਣਪਛਾਤਿਆਂ ‘ਤੇ ਕੇਸ ਦਰਜ ਕਰਨ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦਾ ਕਹਿਣਾ ਹੈ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ ਤੇ ਅਜਿਹੇ ਵਿਚ ਸ਼ੁਭਕਰਨ ਨੂੰ ਇਨਸਾਫ ਨਹੀਂ ਮਿਲ ਸਕੇਗਾ।
ਕਿਸਾਨ ਅੰਦੋਲਨ ਜਾਰੀ ਰਹੇਗਾ : ਪੰਧੇਰ, ਡੱਲੇਵਾਲ
ਸ਼ੁਭਕਰਨ ਸਿੰਘ ਦੇ ਅੰਤਿਮ ਸਸਕਾਰ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਦੇ ਬਾਰਡਰ ‘ਤੇ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਕਿਸਾਨ ਅੰਦੋਲਨ ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਐਮਐਸਪੀ ‘ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ, ਡਾ. ਸਵਾਮੀਨਾਥਨ ਕਮਿਸ਼ਨ ਦੇ ਫੈਸਲੇ ਦੇ ਹਿਸਾਬ ਨਾਲ ਫਸਲਾਂ ਦੇ ਭਾਅ ਅਤੇ ਕਿਸਾਨ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਤੱਕ ਅੰਦੋਲਨ ਜਾਰੀ ਰਹੇਗਾ।
ਪੰਜਾਬ ਸਰਕਾਰ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਭੈਣ ਨੂੰ ਪੁਲਿਸ ‘ਚ ਦੇਵੇਗੀ ਨੌਕਰੀ
ਪਟਿਆਲਾ : ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੇ ਪਰਿਵਾਰ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੋਇਆ ਹੈ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਛੋਟੀ ਭੈਣ ਨੂੰ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਸੇ ਦੌਰਾਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਪੁਲਿਸ ਨੇ ਥਾਣਾ ਪਾਤੜਾਂ ‘ਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …