Breaking News
Home / ਪੰਜਾਬ / ਦਲਿਤਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਕਿਸਾਨ ਆਗੂ: ਨਵਜੋਤ ਸਿੱਧੂ

ਦਲਿਤਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਕਿਸਾਨ ਆਗੂ: ਨਵਜੋਤ ਸਿੱਧੂ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਬਾ ਕੇ ਕਿਸਾਨਾਂ ਦੀ ਫ਼ਸਲ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀ ਹੈ ਪਰ ਉਹ ਕਿਸਾਨਾਂ ਅੱਗੇ ਕਦੇ ਵੀ ਜਿੱਤ ਨਹੀਂ ਸਕੇਗੀ। ਉਨ੍ਹਾਂ ਐਕਸ ‘ਤੇ ਪੋਸਟ ਕਰਦਿਆਂ ਖੇਤ ਮਜ਼ਦੂਰਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਖੇਤਾਂ ਵਿਚ ਕੰਮ ਕਰਦੇ ਤੇ ਗ਼ਰੀਬੀ ਨਾਲ ਲੜ ਰਹੇ ਖੇਤ ਮਜ਼ਦੂਰਾਂ ਦੀ ਆਰਥਿਕਤਾ ਨੂੰ ਉਪਰ ਚੁੱਕਣ ਲਈ ਕਿਸਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਖੇਤ ਮਜ਼ਦੂਰ ਆਪਣੇ ਹੱਕ ਦੇ ਮੁੱਦੇ ਚੁੱਕਣ ਲਈ ਦਿਲੀ ਦੇ ਬਾਰਡਰਾਂ ‘ਤੇ ਧਰਨੇ ਲਾਉਣ ਜੋਗੇ ਨਹੀਂ ਹਨ ਪਰ ਕਿਸਾਨ ਆਪਣੀਆਂ ਮੰਗਾਂ ਨਾਲ ਮਜ਼ਦੂਰਾਂ ਦੇ ਮੁੱਦੇ ਚੁੱਕ ਕੇ ਉਨ੍ਹਾਂ ਦੀ ਮਦਦ ਕਰ ਸਕਦੇ ਹਨ।
ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਦੀ 35 ਫ਼ੀਸਦੀ ਦੇ ਕਰੀਬ ਅਬਾਦੀ ਹੈ ਜਿਸ ਵਿਚ ਜ਼ਿਆਦਾਤਰ ਲੋਕ ਗ਼ੁਰਬਤ ਦੀ ਜ਼ਿੰਦਗੀ ਕੱਟ ਰਹੇ ਹਨ। ਇਸ ਕਰਕੇ ਰੱਜੇ ਪੁੱਜੇ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਦੀ ਵਿੱਤੀ ਹਾਲਤ ਉਪਰ ਚੁੱਕਣ ਲਈ ਕੁਝ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੇ ਹਿਤ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀ ਹੈ, ਜਦ ਕਿ ਚਾਹੀਦਾ ਇਹ ਸੀ ਕਿ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਕਿਸਾਨ ਦੀ ਮਦਦ ਸਹਿਕਾਰੀ ਵਿਭਾਗ ਰਾਹੀਂ ਕੀਤੀ ਜਾਂਦੀ, ਤੇਲ ਬੀਜਾਂ ‘ਤੇ ਐਮਐਸਪੀ ਦੇਣੀ ਲਾਜ਼ਮੀ ਹੈ ਤਾਂ ਹੀ ਕਿਸਾਨ ਦੀ ਆਮਦਨ ਵਧ ਸਕਦੀ ਹੈ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।