Breaking News
Home / ਪੰਜਾਬ / ਪੰਜਾਬ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਟਰੈਕਟਰ ਮਾਰਚ

ਪੰਜਾਬ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਟਰੈਕਟਰ ਮਾਰਚ

‘ਭਾਰਤ ਸਰਕਾਰ ਡਬਲਿਊਟੀਓ ਤੋਂ ਬਾਹਰ ਆਓ’ ਦੇ ਲੱਗੇ ਨਾਅਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਰਾਜ ਭਰ ‘ਚ ਕੌਮੀ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਭਰ ‘ਚ ਕਿਸਾਨਾਂ ਨੇ ਡਬਲਿਊਟੀਓ ਦੇ ਪੁਤਲਾ ਫੂਕ ਕੇ ਰੋਸ ਜਤਾਇਆ। ਹਰਿਆਣਾ ਦੀ ਸਰਹੱਦ ‘ਤੇ 23 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਆਰੋਪ ਤਹਿਤ ਰਾਜਸੀ ਆਗੂਆਂ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਤੇ ਅਨਿਲ ਵਿੱਜ ‘ਤੇ ਧਾਰਾ 302 ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਜਗਮੋਹਨ ਸਿੰਘ ਪਟਿਆਲਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਡਾ. ਦਰਸ਼ਨ ਪਾਲ, ਪ੍ਰੇਮ ਸਿੰਘ ਭੰਗੂ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਪੁਤਲਾ ਫੂਕ ਮੁਜ਼ਾਹਰਿਆਂ ਵਿੱਚ ਹਜ਼ਾਰਾਂ ਕਿਸਾਨ ਟਰੈਕਟਰਾਂ ਸਹਿਤ ਸ਼ਾਮਲ ਹੋਏ ਜਿਨ੍ਹਾਂ ਵਿਚ ਵੱਡੀ ਗਿਣਤੀ ਵਿੱਚ ਨੌਜਵਾਨ, ਔਰਤਾਂ ਸਮੇਤ ਕਿਸਾਨ ਮਜ਼ਦੂਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਰੋਹ ਭਰਪੂਰ ਨਾਅਰਿਆਂ ਰਾਹੀਂ ‘ਭਾਰਤ ਸਰਕਾਰ ਡਬਲਿਊਟੀਓ ਤੋਂ ਬਾਹਰ ਆਓ’ ਦੀ ਮੰਗ ਕੀਤੀ।
ਬੁਲਾਰਿਆਂ ਵੱਲੋਂ ਸਾਰੇ ਕਿਸਾਨਾਂ ਨੂੰ ਸਾਰੀਆਂ ਫਸਲਾਂ ਦੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਸਮੇਤ ਹੋਰ ਭਖਦੀਆਂ ਕਿਸਾਨੀ ਮੰਗਾਂ ਖਾਤਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਸੰਘਰਸ਼ ਦੇ ਅਗਲੇ ਪੜਾਅ ‘ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਚ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਵਾਸਤੇ ਕਿਸਾਨ ਤੇ ਮਜ਼ਦੂਰ ਪੈਦਲ ਮਾਰਚ ਕਰਕੇ ਦਿੱਲੀ ਪਹੁੰਚਣਗੇ। ਇਸ ਮੌਕੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ, ਲਖੀਮਪੁਰ ਖੀਰੀ (ਯੂ ਪੀ) ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼, ਸਰਵਵਿਆਪੀ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ, ਕਿਸਾਨ ਘੋਲ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੇ ਇਨ੍ਹਾਂ ਸ਼ਹੀਦਾਂ ਦੀ ਕੌਮੀ ਯਾਦਗਾਰ ਬਣਾਉਣ ਉੱਤੇ ਜ਼ੋਰ ਦਿੱਤਾ ਗਿਆ।
ਇਸ ਮੰਗ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸਾਮਰਾਜ ਪੱਖੀ ਤੇ ਲੋਕ ਵਿਰੋਧੀ ਨੀਤੀਆਂ ਦੀ ਪੈਰੋਕਾਰ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਸਰਕਾਰ ਬਾਹਰ ਆਵੇ ਕਿਉਂਕਿ ਇਨ੍ਹਾਂ ਨੀਤੀਆਂ ਤਹਿਤ ਹੀ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਬਿਜਲੀ, ਆਵਾਜਾਈ ,ਜਲ ਸਪਲਾਈ ਵਰਗੇ ਸਾਰੇ ਜਨਤਕ ਅਦਾਰੇ ਅਡਾਨੀ ਅੰਬਾਨੀ ਵਰਗੇ ਸਾਮਰਾਜੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਬੁਲਾਰਿਆਂ ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਜਮਹੂਰੀ ਕਾਰਕੁਨਾਂ ਦੇ ਬੋਲਣ ਲਿਖਣ ਵਰਗੇ ਜਮਹੂਰੀ ਹੱਕਾਂ ਦਾ ਘਾਣ ਕਰ ਕੇ ਧਾਰਾ 295 ਏ ਅਤੇ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਦੇ ਖ਼ਾਤਮੇ ਲਈ ਭਲਕੇ 27 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਹੋ ਰਹੀ ਸਾਂਝੀ ਸੂਬਾਈ ਕਨਵੈਨਸ਼ਨ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।
ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਕੇਂਦਰ ਸਰਕਾਰ ਖਿਲਾਫ ਗਰਜੇ ਕਿਸਾਨ
ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਵੱਡੀ ਗਿਣਤੀ ਕਿਸਾਨਾਂ ਨੇ ਪੰਜਾਬ ਹਰਿਆਣਾ ਦੀਆਂ ਹੱਦਾਂ ‘ਤੇ ਸ਼ੰਭੂ ਅਤੇ ਢਾਬੀਗੁੱਜਰਾਂ ਬੈਰੀਅਰਾਂ ‘ਤੇ ਵਿਸ਼ਵ ਵਪਾਰ ਸੰਸਥਾ ਦੇ ਵੀਹ-ਵੀਹ ਫੁੱਟ ਉੱਚੇ ਪੁਤਲੇ ਸਾੜ ਕੇ ਰੋਸ ਜਤਾਇਆ। ਖਨੌਰੀ ਬਾਰਡਰ ‘ਤੇ ਹਜ਼ਾਰਾਂ ਕਿਸਾਨਾਂ ਵਲੋਂ ਵਿਸ਼ਵ ਵਪਾਰ ਸੰਸਥਾ ਦਾ ਕਰੀਬ ਵੀਹ ਫੁੱਟ ਉਚਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਵਿਸ਼ਵ ਵਪਾਰ ਸੰਸਥਾ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨੀ ਅਤੇ ਅਗਲੀਆਂ ਨਸਲਾਂ ਬਚਾਉਣ ਲਈ ਇਕਜੁੱਟ ਹੋ ਕੇ ਲੜਾਈ ਲੜਨੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਾਣ ਬੁੱਝ ਕੇ ਖੁਦ ਕਰਜ਼ਈ ਨਹੀਂ ਹੋਏ ਸਗੋਂ ਹਕੂਮਤਾਂ ਨੇ ਸਾਜਿਸ਼ ਅਤੇ ਰਾਜਨੀਤੀ ਨਾਲ ਕਿਸਾਨਾਂ ਨੂੰ ਕਰਜ਼ਈ ਕੀਤਾ ਹੈ। ਜੇਕਰ ਕਰਜ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਾਈ ਨਾ ਲੜੀ ਗਈ ਤਾਂ ਜ਼ਮੀਨਾਂ ਬੈਂਕ ਵਿਚ ਗਿਰਵੀ ਰਹਿਣਗੀਆਂ ਅਤੇ ਕਾਰਪੋਰੇਟ ਕੰਪਨੀਆਂ ਬੈਂਕ ਤੋਂ ਜ਼ਮੀਨਾਂ ਹੜੱਪ ਲੈਣਗੀਆਂ। ਇਸ ਵੇਲੇ ਕਿਸਾਨਾਂ ਨੂੰ ਕਈ ਢੰਗਾਂ ਨਾਲ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਸਿਡੀਆਂ ‘ਤੇ ਜ਼ਹਿਰੀਲੀਆਂ ਸਪਰੇਆਂ ਦੇ ਕੇ ਅਨਾਜ ਜ਼ਹਿਰੀਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨ ਨੂੰ ਲਾਗਤ ਅਨੁਸਾਰ ਜਿਣਸਾਂ ਦਾ ਭਾਅ ਨਾ ਦੇਣ ਦਾ ਆਰੋਪ ਲਾਇਆ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …