Breaking News
Home / ਭਾਰਤ / ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਬਹੁਤ ਵਧੀਆ : ਮਨੀਸ਼ ਤਿਵਾੜੀ

ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਬਹੁਤ ਵਧੀਆ : ਮਨੀਸ਼ ਤਿਵਾੜੀ

ਕਿਹਾ : ਮੈਂ ਅਫਵਾਹਾਂ ‘ਤੇ ਤਵੱਜੋ ਨਹੀਂ ਦਿੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਆਮ ਚੋਣਾਂ ਦੇ ਹਿਸਾਬ ਨਾਲ ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਬਹੁਤ ਵਧੀਆ ਹੈ। ਉਨ੍ਹਾਂ ਇਹ ਗੱਲ ਮੀਡੀਆ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਆਖੀ। ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਇਸ ਵਾਰ ਵੀ ਲੋਕ ਸਭਾ ਚੋਣ ਲੜਨ ਬਾਰੇ ਪੁੱਛੇ ਗਏ ਸਵਾਲ ਦਾ ਸਿਰਫ ਐਨਾ ਹੀ ਜਵਾਬ ਦਿੱਤਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਦੇ ਭਾਜਪਾ ਵਿੱਚ ਜਾਣ ਦੀਆਂ ਸੰਭਾਵਨਾਵਾਂ ਤੇ ਅਫ਼ਵਾਹਾਂ ਸਬੰਧੀ ਸਵਾਲ ਦੇ ਜਵਾਬ ਵਿੱਚ ਕਾਂਗਰਸੀ ਆਗੂ ਨੇ ਕਿਹਾ, ”ਮੈਂ ਅਫ਼ਵਾਹਾਂ ਨੂੰ ਤਵੱਜੋ ਨਹੀਂ ਦਿੰਦਾ ਹਾਂ।” ਉਨ੍ਹਾਂ ਕਿਹਾ ਕਿ ਇਨ੍ਹਾਂ ਅਫ਼ਵਾਹਾਂ ਵਿਚਾਲੇ ਸੰਸਦ ਵਿਚਲੇ ਉਨ੍ਹਾਂ ਦੇ ਭਾਸ਼ਣ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਜਾਣਾ ਆਪਣੇ-ਆਪ ਵਿੱਚ ਸਭ ਕੁਝ ਕਹਿ ਦਿੰਦਾ ਹੈ।
ਤਿਵਾੜੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਸੰਸਦ ਦੇ ਬਜਟ ਸੈਸ਼ਨ ਦੌਰਾਨ ਮੋਦੀ ਸਰਕਾਰ ਦੇ ਆਰਥਿਕ ਪ੍ਰਦਰਸ਼ਨ ‘ਤੇ ਤਿੱਖਾ ਹਮਲਾ ਕੀਤਾ ਸੀ। ਪੰਜਾਬ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਜਾਣ ‘ਤੇ ਤਿਵਾੜੀ ਨੇ ਕਿਹਾ ਕਿ ਸਿਆਸਤ ਵਿੱਚ ਸੰਭਾਵਨਾਵਾਂ ਦੀ ਪ੍ਰਬਲਤਾ ਹੁੰਦੀ ਹੈ। ਉਨ੍ਹਾਂ ਕਿਹਾ, ”ਜ਼ਾਹਿਰ ਤੌਰ ‘ਤੇ ਤੁਸੀਂ ਕਿਸੇ ਸੂਬੇ (ਪੰਜਾਬ) ਵਿੱਚ ਸੱਤਾਧਾਰੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਦੇ ਇਕੱਠੇ ਹੋਣ ਦੀ ਆਸ ਨਹੀਂ ਕਰਦੇ ਹੋ। ਹਰੇਕ ਸੂਬੇ ਲਈ ਵੱਖ-ਵੱਖ ਮਾਡਲ ਹਨ।” ਸੰਸਦ ਮੈਂਬਰ ਨੇ ਲੋਕ ਸਭਾ ਚੋਣਾਂ ਵਿੱਚ 370 ਸੀਟਾਂ ਜਿੱਤਣ ਦੇ ਭਾਜਪਾ ਦੇ ਦਾਅਵਿਆਂ ਨੂੰ ਸ਼ੇਖੀ ਤੇ ਹੰਕਾਰ ਦੱਸ ਕੇ ਖਾਰਜ ਕਰ ਦਿੱਤਾ ਅਤੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਤੋਂ ਬਾਅਦ ਅਸਲ ਵਿੱਚ ‘ਦਰਦ ਤੇ ਬਦਹਾਲੀ’ ਵਾਲੀ ਸਥਿਤੀ ਹੈ।

 

 

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …