ਲੁਧਿਆਣਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ’ਚ ਲਿਆ ਗਿਆ ਫੈਸਲਾ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਈਸੜੂ ਭਵਨ ’ਚ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਗਭਗ 25 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ 14 ਮਾਰਚ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਮਹਾਂ ਪੰਚਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰਾਂ ’ਤੇ ਨਹੀਂ ਬਲਕਿ ਬੱਸਾਂ, ਟਰੇਨਾਂ ਅਤੇ ਆਪਣੇ-ਆਪਣੇ ਸਾਧਨਾਂ ਰਾਹੀਂ ਦਿੱਲੀ ਪਹੁੰਚਣਗੇ। ਜ਼ਿਕਰਯੋਗ ਹੈ ਕਿ ਦਿੱਲੀ ਕੂਚ ਦੇ ਲਈ ਨਿਕਲੇ ਕਿਸਾਨਾਂ ਨੂੰ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਪਿਛਲੇ 18 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਰੋਕਿਆ ਹੋਇਆ ਹੈ। ਹਰਿਆਣਾ ਪੁਲਿਸ ਵੱਲੋਂ ਅੱਗੇ ਵਧਣ ਵਾਲੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜੀਆਂ ਦੀਆਂ ਗੋਲੀਆਂ ਦਾਗੀਆਂ ਜਾਂਦੀਆਂ ਹਨ। ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਨਾਲ ਕਈ ਵਾਰ ਮੀਟਿੰਗ ਹੋ ਚੁੱਕੀ ਪ੍ਰੰਤੂ ਕੋਈ ਹੱਲ ਨਹੀਂ ਨਿਕਲਿਆ।