ਪੁਲਿਸ ਮੁਲਾਜ਼ਮਾਂ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਧੱਕਾ-ਮੁੱਕੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ ਪ੍ਰੰਤੂ ਅਸੀਂ ਸਰਕਾਰ ਦੇ ਅੱਤਿਆਚਾਰ ਤੋਂ ਘਬਰਾਉਣ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਝੂਠੇ ਪਰਚੇ ਕਰਕੇ ਸਾਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਅਸੀਂ ਡਰਨ ਵਾਲਿਆਂ ’ਚੋਂ ਨਹੀਂ। ਧਿਆਨ ਰਹੇ ਕਿ ਲੰਘੇ ਦਿਨੀਂ ਰਵਨੀਤ ਬਿੱਟੂ ਦੀ ਅਗਵਾਈ ’ਚ ਲੁਧਿਆਣਾ ਸਥਿਤ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਬਿੱਟੂ ਸਮੇਤ 60 ਕਾਂਗਰਸੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ’ਚ ਰਵਨੀਤ ਬਿੱਟੂ ਨੇ 5 ਮਾਰਚ ਨੂੰ ਗਿ੍ਰਫਤਾਰੀ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਚਲਦਿਆਂ ਅੱਜ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਥੇ ਜਮ ਕੇ ਹੰਗਾਮਾ ਕੀਤਾ ਗਿਆ। ਬੈਰੀਕੇਡਿੰਗ ਨੂੰ ਤੋੜਦੇ ਸਮੇਂ ਕਾਂਗਰਸੀ ਵਰਕਰਾਂ ਅਤੇ ਪੁਲਿਸ ਦਰਮਿਆਨ ਧੱਕਾ ਮੁੱਕੀ ਵੀ ਹੋਈ ਅਤੇ ਇਸੇ ਧੱਕਾ ਮੁੱਕੀ ਦਰਮਿਆਨ ਕਈ ਪੁਲਿਸ ਮੁਲਾਜ਼ਮਾਂ ਦੀਆਂ ਦਸਤਾਰਾਂ ਵੀ ਉਤਰ ਗਈਆਂ।