ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਵੀ ਲਏ ਹਿਰਾਸਤ ’ਚ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਗਿ੍ਰਫ਼ਤਾਰ ਕਰਕੇ 14 ਦਿਨਾਂ ਦੇ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਿਆਮ ਸੁੰਦਰ ਮਲਹੋਤਰਾ ਅਤੇ ਲੁਧਿਆਣਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਉਕਤ ਆਗੂਆਂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਵੱਲੋਂ ਲੰਘੇ ਦਿਨੀਂ ਲੁਧਿਆਣਾ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 60 ਕਾਂਗਰਸੀ ਖਿਲਾਫ਼ ਇਸ ਮਾਮਲੇ ’ਚ ਐਫਆਈਆਰ ਦਰਜ ਕੀਤੀ ਗਈ। ਜਿਸ ਤੋਂ ਬਾਅਦ ਇਨ੍ਹਾਂ ਆਗੂਆਂ ਵੱਲੋਂ ਗਿ੍ਰਫ਼ਤਾਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਮੌਕੇ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਕਾਂਗਰਸੀ ਵਰਕਰਾਂ ਨੂੰ ਦਬਾਉਣਾ ਚਾਹੁੰਦੀ ਹੈ ਪ੍ਰੰਤੂ ਕਾਂਗਰਸੀ ਵਰਕਰ ਡਰਨ ਵਾਲੇ ਨਹੀਂ ਅਤੇ ਉਹ ਜੇਲ੍ਹ ਜਾਣ ਲਈ ਤਿਆਰ ਹਨ।