ਕਿਹਾ : ਇਕ ਨਾਲ ਇਕ ਮਿਲ ਕੇ ਬਣ ਜਾਂਦੇ ਹਨ ਦੋ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਦੇ ਮੱਦੇਨਜ਼ਰ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਅਟਕਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਦਾ ਵੀ ਕਹਿਣਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਚੋਣ ਗਠਜੋੜ ਹੋਣਾ ਕਰੀਬ ਤੈਅ ਹੀ ਹੈ ਅਤੇ ਸਿਰਫ ਐਲਾਨ ਹੋਣਾ ਬਾਕੀ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਵੀ ਅਕਾਲੀ ਦਲ ਅਤੇ ਭਾਜਪਾ ਦੇ ਚੋਣ ਗਠਜੋੜ ਦੀ ਹਮਾਇਤ ਕੀਤੀ ਹੈ। ਇਸ ਗਠਜੋੜ ਸਬੰਧੀ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਇਕ ਨਾਲ ਇਕ ਮਿਲ ਕੇ ਦੋ ਹੋ ਜਾਂਦੇ ਹਨ ਅਤੇ ਇਸ ਨਾਲ ਤਾਕਤ ਵੀ ਮਿਲਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਫੈਸਲਾ ਤਾਂ ਹਾਈਕਮਾਨ ਨੇ ਹੀ ਕਰਨਾ ਹੈ। ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਿਫਾਰਸ਼ ਕੀਤੀ ਸੀ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਹਨ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸੇ ਤਰ੍ਹਾਂ ਪਰਨੀਤ ਕੌਰ ਵੀ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਹਨ ਅਤੇ ਹੁਣ ਉਨ੍ਹਾਂ ਨੇ ਵੀ ਭਾਰਤੀ ਜਨਤਾ ਪਾਰਟੀ ਵਲੋਂ ਹੀ ਚੋਣ ਲੜਨੀ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰ ਚੁੱਕੇ ਹਨ ਉਹ ਖੁਦ ਲੋਕ ਸਭਾ ਚੋਣ ਨਹੀਂ ਲੜਨਗੇ ਅਤੇ ਪਰਨੀਤ ਕੌਰ ਹੀ ਪਟਿਆਲਾ ਤੋਂ ਚੋਣ ਲੜਨਗੇ।