ਕਿਹਾ : ਪੰਜਾਬ ਅਤੇ ਹਰਿਆਣਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਰਹੀਆਂ ਨਾਕਾਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਿਛਲੇ 24 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਪੰਜਾਬ ਹਰਿਆਣਾ ਹਾਈਕੋਰਟ ਸਖ਼ਤ ਹੋ ਗਿਆ ਹੈ। ਕਿਸਾਨ ਆਗੂਆਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਕਿੰਨੀ ਸ਼ਰਮ ਵਾਲੀ ਗੱਲ ਹੈ ਕਿ ਇਸ ਅੰਦੋਲਨ ਵਿਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਹਾਈ ਕੋਰਟ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵੇਂ ਹੀ ਰਾਜ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਅੰਦੋਲਨ ਵਿਚ ਸ਼ਾਮਿਲ ਸਾਰੇ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਕਰ ਚੇਨੱਈ ਭੇਜ ਦੇਣਾ ਚਾਹੀਦਾ ਹੈ। ਅਦਾਲਤ ਨੇ ਕਿਸਾਨ ਆਗੂਆਂ ਨੂੰ ਸਵਾਲ ਪੁੱਛਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਕੀ ਕੋਈ ਜੰਗ ਕਰਨਾ ਚਾਹੁੰਦੇ ਹਨ। ਅਦਾਲਤ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਨੂੰ ਅਦਾਲਤ ਵਿਚ ਖੜੇ ਹੋਣ ਦਾ ਵੀ ਕੋਈ ਅਧਿਕਾਰ ਨਹੀਂ ਹੈ।