16 C
Toronto
Sunday, October 5, 2025
spot_img
Homeਪੰਜਾਬਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਡਿਬਰੂਗੜ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵੱਲੋਂ ਗੋਲੀਬਾਰੀ ਕਰਨ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਵੱਲੋਂ ਭੁੱਖ ਹੜਤਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ।
ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਵਫ਼ਦ ਵੱਲੋਂ ਰਾਜਪਾਲ ਨੂੰ ਤਿੰਨ ਵੱਖ-ਵੱਖ ਮੰਗ ਪੱਤਰ ਸੌਂਪੇ ਗਏ ਅਤੇ ਮਾਮਲਿਆਂ ਸਬੰਧੀ ਕਾਰਵਾਈ ਕਰਨ ਲਈ ਅਪੀਲ ਕੀਤੀ ਗਈ।
ਮੁਲਾਕਾਤ ਉਪਰੰਤ ਐਡਵੋਕੇਟ ਧਾਮੀ ਨੇ ਦੱਸਿਆ ਕਿ ਲੰਬਾ ਸਮਾਂ ਬੀਤਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੀ ਚੁੱਪੀ ਇਹ ਸਾਬਿਤ ਕਰਦੀ ਹੈ ਕਿ ਗੁਰੂ ਘਰ ‘ਤੇ ਪੁਲਿਸ ਹਮਲਾ ਮਿੱਥ ਕੇ ਕੀਤਾ ਗਿਆ ਸੀ।
ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਉਹ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦੇ ਨਾਤੇ ਇਸ ਮਾਮਲੇ ਵਿੱਚ ਦਖਲ ਦੇ ਕੇ ਸੂਬਾ ਸਰਕਾਰ ਪਾਸੋਂ ਜਵਾਬਤਲਬੀ ਕਰਨ। ਉਨ੍ਹਾਂ ਰਾਜਪਾਲ ਨੂੰ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ‘ਤੇ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਵੀ ਸੌਂਪੀ ਅਤੇ ਇਸ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਨ ਲਈ ਕਿਹਾ ਹੈ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਸਬੰਧੀ ਉਨ੍ਹਾਂ ਰਾਜਪਾਲ ਕੋਲੋਂ ਮੰਗ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਮੁੱਦਾ ਤੁਰੰਤ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਕੋਲ ਉਠਾ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤੁਰੰਤ ਤਬਦੀਲ ਕਰੇ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲੋਂ ਮੰਗ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ 2019 ਵਿੱਚ ਕੀਤੇ ਗਏ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ।
ਵਫ਼ਦ ਵਿੱਚ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਹੈ।

 

RELATED ARTICLES
POPULAR POSTS