Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਨੇ 11 ਨੂੰ ਲੁਧਿਆਣਾ ‘ਚ ਸੱਦੀ ਕੌਮੀ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਨੇ 11 ਨੂੰ ਲੁਧਿਆਣਾ ‘ਚ ਸੱਦੀ ਕੌਮੀ ਮੀਟਿੰਗ

ਕਿਸਾਨ ਆਗੂ ਰੁਲਦੂ ਸਿੰਘ ਨੇ ਦਿੱਤੀ ਜਾਣਕਾਰੀ
ਮਾਨਸਾ : ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦਾਅਵਾ ਕੀਤਾ ਹੈ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦੀਆਂ ਢੁੱਕਵੀਆਂ ਮੰਗਾਂ ਨੂੰ ਲੈ ਕੇ ਸੱਦੀ ਗਈ ਮਹਾਪੰਚਾਇਤ ਸਬੰਧੀ ਮੀਟਿੰਗ 11 ਮਾਰਚ ਨੂੰ ਲੁਧਿਆਣਾ ਵਿੱਚ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਕੀਤੀ ਜਾਣ ਵਾਲੀ ਮਹਾਪੰਚਾਇਤ ਸਬੰਧੀ ਦਿੱਲੀ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਲਈ ਬਾਕਾਇਦਾ ਚਾਰਾਜੋਈ ਆਰੰਭ ਦਿੱਤੀ ਗਈ ਹੈ ਅਤੇ ਇੱਕ-ਦੋ ਦਿਨਾਂ ਵਿੱਚ ਆਗਿਆ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਮਾਨਸਾ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਤੋਂ ਇਸ ਮਹਾਪੰਚਾਇਤ ਲਈ 12 ਮਾਰਚ ਤੋਂ ਰੇਲਾਂ ਅਤੇ ਬੱਸਾਂ ਵਿੱਚ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਜਾਣੇ ਸ਼ੁਰੂ ਹੋ ਜਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਰਾਮਲੀਲਾ ਮੈਦਾਨ ਲਈ ਮਨਜ਼ੂਰੀ ਨਾ ਦਿੱਤੀ ਤਾਂ ਵੀ ਇਹ ਮਹਾਪੰਚਾਇਤ ਹਰ ਹਾਲਤ ਵਿੱਚ ਹੋਵੇਗੀ ਅਤੇ ਇਸ ਦਾ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੀ 11 ਮਾਰਚ ਨੂੰ ਲੁਧਿਆਣਾ ਵਿੱਚ ਹੋ ਰਹੀ ਮੀਟਿੰਗ ਦੌਰਾਨ ਲਿਆ ਜਾਵੇਗਾ। ਇਸ ਦੌਰਾਨ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਪਹਿਲੀ ਸੂਚੀ ‘ਚ ਭਾਜਪਾ ਦੇ ਅਜੈ ਮਿਸ਼ਰਾ ਟੈਨੀ ਨੂੰ ਲਖੀਮਪੁਰ ਖੀਰੀ ਤੋਂ ਟਿਕਟ ਦੇਣ ਦਾ ਕਿਸਾਨ ਆਗੂ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਉਤੇ ਗੱਡੀਆਂ ਚੜ੍ਹਾਉਣ ਲਈ ਜ਼ਿੰਮੇਵਾਰ ਮੰਨੇ ਜਾਂਦੇ ਇਸ ਭਾਜਪਾ ਨੇਤਾ ਨੂੰ ਟਿਕਟ ਦੇ ਕੇ ਪਾਰਟੀ ਨੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …