ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਚਲੀ ਗਈ ਸੀ ਜਾਨ
ਪਟਿਆਲਾ, ਖਨੌਰੀ/ਬਿਊਰੋ ਨਿਊਜ਼ : ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਵੱਲੋਂ 3 ਮਾਰਚ ਨੂੰ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਭਾਵੇਂ ਕਿ ਮੋਰਚਿਆਂ ਵਿਚਲੇ ਕੁੱਝ ਕਿਸਾਨ ਸ਼ੁਭਕਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਲਈ ਬੱਲ੍ਹੋ ਚਲੇ ਗਏ ਸਨ ਪਰ ਫਿਰ ਵੀ ਵੱਡੀ ਗਿਣਤੀ ਕਿਸਾਨ ਇੱਥੇ ਮੌਜੂਦ ਰਹੇ।
ਸਰਵਣ ਸਿੰਘ ਪੰਧੇਰ ਅਤੇ ਹੋਰ ਪ੍ਰ੍ਰਮੁੱਖ ਕਿਸਾਨ ਆਗੂਆਂ ਦੇ ਬੱਲ੍ਹੋ ਪਿੰਡ ਜਾਣ ਕਰਕੇ ਅੰਦੋਲਨ ਦੀ ਅਗਵਾਈ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾਈ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕੀਤੀ। ਇਸ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਨਾਲ ਹੀ ਕਿਸਾਨ ਸਤਿਨਾਮ ਵਾਹਿਗੁਰੂ ਦਾ ਜਾਪ ਵੀ ਕਰਦੇ ਰਹੇ। ਰੋਜ਼ਾਨਾ ਦੀ ਤਰ੍ਹਾਂ ਸਜਦੀਆਂ ਸਟੇਜਾਂ ‘ਤੇ ਹੁੰਦੀਆਂ ਤਕਰੀਰਾਂ ਦੀ ਕੜੀ ਵਜੋਂ ਸਮੁੱਚੀ ਕਾਰਵਾਈ ਸ਼ੁਭਕਰਨ ਸਿੰਘ ਨੂੰ ਹੀ ਸਮਰਪਿਤ ਰਹੀ। ਇਸ ਦੌਰਾਨ ਬੁਲਾਰਿਆਂ ਨੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਢਾਹੇ ਗਏ ਤਸ਼ੱਦਦ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਦਾ ਖਮਿਆਜ਼ਾ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਭੁਗਤਣਾ ਪਵੇਗਾ। ਕਈ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਲੰਬੇ ਹੱਥੀਂ ਲਿਆ। ਸ਼ੰਭੂ ਬਾਰਡਰ ‘ਤੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਲਏ ਗਏ ਫ਼ੈਸਲੇ ਤਹਿਤ ਹੁਣ ਉਨ੍ਹਾਂ ਵੱਲੋਂ ਬਾਰਡਰਾਂ ‘ਤੇ ਕਿਸਾਨਾਂ ਦੀ ਗਿਣਤੀ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸ਼ੁਭਕਰਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਚਾਉਕੇ : ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਉਨ੍ਹਾਂ ਦੇ ਗ੍ਰਹਿ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਜੋ ਉਹ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਤੱਕ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇੱਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ।