ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਹਿੰਸਕ ਪ੍ਰਦਰਸ਼ਨਾਂ ਦਾ ਸਹਾਰਾ ਨਾ ਲੈਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਲੋਂ ਵੀ ਰਾਜਨੀਤੀ ਕਰਨ ਦੇ ਨਾਂ ’ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨੇ ਲੰਘੇ ਦਿਨੀਂ ਪਾਕਿਸਤਾਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਸਿਆਸੀ ਤੌਰ ’ਤੇ ਮਹੱਤਵਪੂਰਨ ਲਹਿੰਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਦੱਸਣਯੋਗ ਹੈ ਕਿ ਤਿੰਨ ਵਾਰ ਵਿਧਾਇਕ ਚੁਣੇ ਗਏ ਰਮੇਸ਼ ਸਿੰਘ ਅਰੋੜਾ ਨੇ ਵੀ ਲੰਘੇ ਕੱਲ੍ਹ ਲਹਿੰਦੇ ਪੰਜਾਬ ਦੀ ਮਰੀਅਮ ਸਰਕਾਰ ਵਿਚ ਸੂਬਾਈ ਮੰਤਰੀ ਵਜੋਂ ਹਲਫ ਲਿਆ ਹੈ। ਉਹ ਲਹਿੰਦੇ ਪੰਜਾਬ ਵਿਚ ਕੈਬਨਿਟ ਮੰਤਰੀ ਬਣਨ ਵਾਲੇ ਪਹਿਲੇ ਸਿੱਖ ਵਿਅਕਤੀ ਹਨ। ਮਿਲੀ ਜਾਣਕਾਰੀ ਮੁਤਾਬਕ ਰਮੇਸ਼ ਸਿੰਘ ਅਰੋੜਾ ਨੂੰ ਘੱਟ ਗਿਣਤੀਆਂ ਬਾਰੇ ਮੰਤਰਾਲੇ ਦਾ ਚਾਰਜ ਦਿੱਤਾ ਗਿਆ ਹੈ।