ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਕੀਤਾ ਘੱਟ
ਨਵੀਂ ਦਿੱਲੀ/ਬਿਊਰੋ ਨਿਊਜ਼
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਵਿਚ ਰਸੋਈ ਗੈਸ ਸਿਲੰਡਰ 100 ਰੁਪਏ ਸਸਤਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਰਸੋਈ ਗੈਸ ਦੇ ਸਿਲੰਡਰ ਦੀ ਕੀਮਤ 100 ਰੁਪਏ ਘੱਟ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿਲਾ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ ਨਾਲ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿਚ ਰਸੋਈ ਗੈਸ ਦਾ ਇਕ ਸਿਲੰਡਰ 903 ਰੁਪਏ ਤੋਂ ਘਟ ਕੇ 803 ਰੁਪਏ ਦਾ ਹੋ ਗਿਆ। ਇਸ ਤੋਂ ਪਹਿਲਾਂ ਰੱਖੜੀ ਦੇ ਤਿਉਹਾਰ ਮੌਕੇ ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 200 ਰੁਪਏ ਦੀ ਕਟੌਤੀ ਕੀਤੀ ਸੀ। ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਕੇਂਦਰ ਸਰਕਾਰ ਵਲੋਂ ਇਹ ਜਿਹੜੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਅਗਾਮੀ ਲੋਕ ਸਭਾ ਚੋਣਾਂ ਕਰਕੇ ਹੀ ਦਿੱਤੀਆਂ ਜਾ ਰਹੀਆਂ ਹਨ।