ਲੋਕ ਸਭਾ ਚੋਣਾਂ ਦਾ ਕਿਸੇ ਵੇਲੇ ਵੀ ਹੋ ਸਕਦਾ ਹੈ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਲੋਕ ਸਭਾ ਚੋਣਾਂ ਲਈ ‘ਆਪ’ ਦੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਸਾਡਾ ਨਾਅਰਾ ਹੈ ਸੰਸਦ ’ਚ ਵੀ ਕੇਜਰੀਵਾਲ, ਤਦ ਹੀ ਦਿੱਲੀ ਹੋਵੇਗੀ ਖੁਸ਼ਹਾਲ।’ ਇਸ ਮੌਕੇ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਅਤੇ ਪੰਜਾਬ ਦੀ ਜਨਤਾ ਨਾਲ ਅਨ੍ਹਿਆਂ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਦੇ ਹੱਥ ਮਜ਼ਬੂਤ ਕਰੋ। ਮਾਨ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ।