ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਵਾਗਤ
ਖੰਨਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਾਂਗਰਸ ਪ੍ਰਧਾਨ ਅਤੇ ਹਲਕਾ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਜੀਪੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਗੁਰਪ੍ਰੀਤ ਸਿੰਘ ਜੀਪੀ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵੀ ਬਣਾ ਸਕਦੀ ਹੈ। ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਅਨੁਸ਼ਾਸਨ ਦੀ ਬਹੁਤ ਕਮੀ ਹੈ ਅਤੇ ਕਾਂਗਰਸ ਪਾਰਟੀ ’ਚ ਹਰ ਆਗੂ ਸਿੰਘ ਸਿਰਫ਼ ਆਪਣੇ ਪਰਿਵਾਰ ਬਾਰੇ ਹੀ ਸੋਚਦਾ ਹੈ।