ਭਲਕੇ 12 ਮਾਰਚ ਤੱਕ ਚੋਣ ਕਮਿਸ਼ਨ ਕੋਲ ਵੇਰਵੇ ਪਹੁੰਚਾਉਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸੋਮਵਾਰ ਨੂੰ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਸੰਵਿਧਾਨਕ ਬੈਂਚ ਨੇ ਐਸ.ਬੀ.ਆਈ. ਨੂੰ ਭਲਕੇ 12 ਮਾਰਚ ਨੂੰ ਕੰਮਕਾਜੀ ਘੰਟੇ ਖਤਮ ਹੋਣ ਤੱਕ ਚੋਣ ਕਮਿਸ਼ਨ ਕੋਲ ਚੋਣ ਬਾਂਡ ਨਾਲ ਸਬੰਧਤ ਵੇਰਵੇ ਪਹੁੰਚਾਉਣ ਦਾ ਨਿਰਦੇਸ਼ ਵੀ ਦਿੱਤਾ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਚੋਣ ਕਮਿਸ਼ਨ ਨੂੰ ਐੱਸ.ਬੀ.ਆਈ. ਵੱਲੋਂ ਸਾਂਝੀ ਕੀਤੀ ਜਾਣਕਾਰੀ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਆਪਣੀ ਅਧਿਕਾਰਤ ਵੈੱਬਸਾਈਟ ’ਤੇ ਪ੍ਰਕਾਸ਼ਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਇਸ ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀ.ਆਰ. ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਮੌਜੂਦ ਸਨ।