ਭਾਜਪਾ ਆਗੂ ਤਰੁਣ ਚੁੱਘ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿੱਚ ਅੰਤਰ ਧਰਮ ਕੇਂਦਰ ਦੀ ਸਥਾਪਨਾ ਲਈ ਪਹਿਲਾਂ ਮਨਜ਼ੂਰ ਕੀਤੀ 175 ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਹੋਰ ਫੰਡ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਚੁੱਘ ਨੇ ਮੰਤਰੀ ਨਾਲ ਮੁਲਾਕਾਤ ਬਾਅਦ ਤੋਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਪੁਰਾਣੀ ਤੇ ਪ੍ਰਸਿੱਧ ਯੂਨੀਵਰਸਿਟੀ ਹੈ। ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪਸਾਰ ਕਰਨ ਲਈ ਇਸ ਯੂਨੀਵਰਸਿਟੀ ਵਿੱਚ ਅੰਤਰ-ਧਰਮ ਕੇਂਦਰ ਸਥਾਪਤ ਕਰਨ ਲਈ 175 ਕਰੋੜ ਰੁਪਏ ਦਾ ਪ੍ਰਾਜੈਕਟ ਦਿੱਤਾ ਸੀ, ਜਿਸ ਵਿੱਚੋਂ 33 ਕਰੋੜ 56 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਚੁੱਘ ਨੇ ਇਸ ਸਬੰਧੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਨੇ ਵੀ ਜਲਦ ਤੋਂ ਜਲਦ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।