ਮਾਨ ਨੇ ਕਿਹਾ : ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਮੁਹਾਲੀ ਵਿਖੇ ਲੋਕ ਸਭਾ ਚੋਣਾਂ ਸਬੰਧੀ ਕੰਪੇਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਕੋਲੋਂ ਲੋਕ ਸਭਾ ਲਈ ਸ਼ਕਤੀ ਦੀ ਮੰਗ ਕਰਨੀ ਹੈ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਿਆ ਜਾਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦੀ ਗੱਲ ਦੁਹਰਾਈ। ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਵੀ ਹੋ ਰਹੀਆਂ ਹਨ। ਇਸ ਮੌਕੇ ਲੋਕ ਸਭਾ ਚੋਣਾਂ ਲੈ ਕੇ ਇਕ ਚੁਣਾਵੀ ਨਾਅਰਾ ਵੀ ਲਾਂਚ ਕੀਤਾ ਗਿਆ ਕਿ ‘ਸੰਸਦ ਵਿਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਅਤੇ ਵਧੇਗੀ ਸ਼ਾਨ’। ਇਸ ਚੁਣਾਵੀ ਨਾਅਰੇ ਨੂੰ ਲੈ ਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੀਐਮ ਮਾਨ ਨੇ ਕੇਜਰੀਵਾਲ ਨੂੰ ਕ੍ਰਾਂਤੀਕਾਰੀ ਨੇਤਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਰਾਜਨੀਤੀ ਦੀ ਰੂਪਰੇਖਾ ਬਦਲੀ ਹੈ। ਮੁੱਖ ਮੰਤਰੀ ਨੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰੱਜ ਕੇ ਪ੍ਰਸ਼ੰਸਾ ਵੀ ਕੀਤੀ।